ਬੁਨਿਆਦੀ ਢਾਂਚੇ ਵਿੱਚ ਵਿਕਾਸ ਨਾਲ ਅਰਥਵਿਵਸਥਾ ਨੂੰ ਮਿਲੇਗਾ ਹੁਲਾਰਾ: ਸ਼ਕਤੀਕਾਂਤ ਦਾਸ
ਨਵੀਂ ਦਿੱਲੀ, 27 ਜੁਲਾਈ
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਰੋਨਾ ਮਹਾਮਾਰੀ ਨਾਲ ਜੂਝ ਰਹੀ ਅਰਥਵਿਵਸਥਾ ਨੂੰ ਮੁੜ ਹੁਲਾਰਾ ਦੇਣ ਲਈ ਬੁਨਿਆਦੀ ਢਾਂਚਾ ਵਿਕਸਿਤ ਕਰਨ ਦੀਆਂ ਯੋਜਨਾਵਾਂ ਵਿੱਚ ਨਿਵੇਸ਼ ਵਧਾਉਣ ’ਤੇ ਜ਼ੋਰ ਦਿੱਤਾ ਹੈ। ਸੀਆਈਆਈ ਦੇ ਇਕ ਪ੍ਰੋਗਰਾਮ ਵਿੱਚ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਦਾਸ ਨੇ ਕਿਹਾ ਕਿ ਬੁਨਿਆਦੀ ਢਾਂਚਾ ਖੇਤਰ ਵਿੱਚ ਵੱਡੇ ਨਿਵੇਸ਼ ਦੀ ਲੋੜ ਹੈ। ਇਸ ਵਿੱਚ ਨਿਜੀ ਅਤੇ ਜਨਤਕ ਦੋਵਾਂ ਖੇਤਰਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ’ਤੇ ਕੰਮ ਤੇਜ਼ ਕਰਨ ਨਾਲ ਅਰਥ ਵਿਵਸਥਾ ਨੂੰ ਕਾਫ਼ੀ ਲਾਭ ਹੋਵੇਗਾ ਅਤੇ ਕੁਝ ਤੈਅ ਟੀਚੇ ਵਾਲੀਆਂ ਵੱਡੀ ਯੋਜਨਾਵਾਂ ’ਤੇ ਤੇਜ਼ੀ ਨਾਲ ਕੰਮ ਕਰਨ ਨਾਲ ਆਰਥਿਕ ਵਿਕਾਸ ਦਰ ਪਟਰੀ ’ਤੇ ਆ ਸਕਦੀ ਹੈ। ਗਵਰਨਰ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਹਾਲ ਹੀ ਵਿੱਚ ਕੀਤੇ ਗਏ ਸੁਧਾਰਾਂ ਨਾਲ ਨਵੇਂ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਪਾਰ ਵਿੱਚ ਵਧੇਰੇ ਰਣਨੀਤਕ ਸਮਤੋਲ ’ਤੇ ਧਿਆਨ ਦੇਣਾ ਚਾਹੀਦਾ ਹੈ। ਇਸ ਲਈ ਉਨ੍ਹਾਂ ਅਮਰੀਕਾ, ਯੂਰਪੀ ਸੰਘ ਅਤੇ ਬਰਤਾਨੀਆ ਨਾਲ ਮੁਕਤ ਵਪਾਰ ਸਮਝੌਤੇ ਸਬੰਧ ਗੱਲਬਾਤ ਛੇਤੀ ਪੁੂਰੀ ਕਰਨ ’ਤੇ ਜ਼ੋਰ ਦਿੱਤਾ।