ਜਾਨਵਰਾਂ ਕਾਰਨ ਹੁੰਦੇ ਨੁਕਸਾਨ ਲਈ ਮੁਆਵਜ਼ਾ ਪ੍ਰਕਿਰਿਆ ਸ਼ੁਰੂ
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 27 ਸਤੰਬਰ
ਚੰਡੀਗੜ੍ਹ ਵਿੱਚ ਅਵਾਰਾ ਕੁੱਤਿਆਂ ਅਤੇ ਜੰਗਲੀ ਜਾਨਵਰਾਂ ਕਾਰਨ ਵਾਪਰਦੇ ਹਾਦਸਿਆਂ ਲਈ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਗਰ ਨਿਗਮ ਵਲੋਂ ਪਹਿਲੀ ਵਾਰ ਲਾਵਾਰਿਸ ਪਸ਼ੂਆਂ ਕਾਰਨ ਫੌਤ ਹੋਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਕੁੱਤਿਆਂ ਦੇ ਕੱਟਣ ਦੇ ਮਾਮਲੇ ’ਚ ਪੀੜਤ ਨੂੰ 30 ਹਜ਼ਾਰ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਪੀੜਤਾਂ ਨੂੰ ਵੀ ਮੁਆਵਜ਼ਾ ਜਾਰੀ ਕੀਤਾ ਜਾਵੇਗਾ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਗਾਵਾਂ, ਬਲਦ, ਖੋਤੇ, ਕੁੱਤਿਆਂ, ਨੀਲਗਾਵਾਂ, ਮੱਝਾਂ ਅਤੇ ਹੋਰ ਜੰਗਲੀ ਜਾਨਵਰਾਂ ਕਾਰਨ ਹੋਏ ਵਾਲੇ ਮਨੁੱਖੀ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਡੀਸੀ ਵਿਨੈ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ ਨਗਰ ਨਿਗਮ, ਸਿਹਤ ਵਿਭਾਗ, ਜੰਗਲਾਤ ਵਿਭਾਗ ਅਤੇ ਹੋਰ ਕਈ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਹਨ। ਹੁਣ ਤੱਕ ਕਮੇਟੀ ਦੀ ਤਿੰਨ ਵਾਰ ਮੀਟਿੰਗ ਹੋ ਚੁੱਕੀ ਹੈ। ਕਮੇਟੀ ਕੋਲ ਕਈ ਅਰਜ਼ੀਆਂ ਵੀ ਆਈਆਂ ਹਨ। ਅਰਜ਼ੀਆਂ ਦੀ ਪੜਚੋਲ ਕਰਨ ਤੋਂ ਬਾਅਦ ਹੁਣ ਉਨ੍ਹਾਂ ਨੂੰ ਮੁਆਵਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਡੀਸੀ ਵਿਨੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਦੋ ਮਾਮਲਿਆਂ ਵਿੱਚ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਜੰਗਲੀ ਜਾਨਵਰ ਕਾਰਨ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਤੈਅ ਕੀਤੀ ਗਈ ਰਾਸ਼ੀ ਅਨੁਸਾਰ 5 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਦੂਜੇ ਮਾਮਲੇ ਵਿੱਚ ਇੱਕ ਹੀ ਵਿਅਕਤੀ ਨੂੰ ਕੁੱਤੇ ਨੇ ਤਿੰਨ ਵਾਰ ਵੱਢ ਲਿਆ। ਪ੍ਰਤੀ ਦੰਦ ਕੁੱਲ 30 ਹਜ਼ਾਰ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਹਾਈ ਕੋਰਟ ਦੇ ਫੈਸਲੇ ਅਨੁਸਾਰ ਕੁੱਤੇ ਦੇ ਕੱਟਣ ਨਾਲ ਦੰਦਾਂ ਦੇ ਨਿਸ਼ਾਨ ਲੱਗਣ ’ਤੇ 10,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਡੀਸੀ ਵਿਨੈ ਪ੍ਰਤਾਪ ਸਿੰਘ ਨੇ ਵੀ ਵੀਰਵਾਰ ਨੂੰ ਹੋਈ ਸਦਨ ਦੀ ਮੀਟਿੰਗ ਵਿੱਚ ਇਸ ਬਾਰੇ ਚਿੰਤਾ ਪ੍ਰਗਟਾਈ ਸੀ ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਦਾ ਮਸਲਾ ਬਹੁਤ ਗੰਭੀਰ ਹੈ। ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਅਜਿਹੇ ’ਚ ਜੇ ਕੁੱਤਿਆਂ ਦੀ ਸਮੱਸਿਆ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਗਿਆ ਤਾਂ ਨਗਰ ਨਿਗਮ ਦੇ ਬਜਟ ਦਾ ਕਾਫੀ ਹਿੱਸਾ ਮੁਆਵਜ਼ਾ ਦੇਣ ’ਤੇ ਖਰਚ ਹੋ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਨਗਰ ਨਿਗਮ ਨੇ ਵਿੱਤੀ ਸਾਲ 2024-25 ਲਈ ਆਪਣੇ ਬਜਟ ਵਿੱਚ 20 ਲੱਖ ਰੁਪਏ ਦੀ ਵਿਵਸਥਾ ਕੀਤੀ ਹੈ, ਜੋ ਕਿ ਕੁੱਤਿਆਂ ਦੇ ਕੱਟਣ ਜਾਂ ਜੰਗਲੀ ਜਾਨਵਰਾਂ ਦੁਆਰਾ ਹੋਣ ਵਾਲੇ ਹਾਦਸਿਆਂ ਦੇ ਮਾਮਲਿਆਂ ਵਿੱਚ ਮੁਆਵਜ਼ਾ ਦੇਣ ਲਈ ਜਾਰੀ ਕੀਤਾ ਜਾ ਰਿਹਾ ਹੈ।