ਇਨੈਲੋ-ਬਸਪਾ ਗੱਠਜੋੜ ਦੇ ਉਮੀਦਵਾਰਾਂ ਦਾ ਐਲਾਨ ਛੇਤੀ: ਅਭੈ ਚੌਟਾਲਾ
ਪ੍ਰਭੂ ਦਿਆਲ/ਜਗਤਾਰ ਸਮਾਲਸਰ
ਸਿਰਸਾ/ਏਲਨਾਬਾਦ, 30 ਅਗਸਤ
ਇੰਡੀਅਨ ਨੈਸ਼ਨਲ ਲੋਕ ਦਲ ਦੇ ਕੌਮੀ ਜਨਰਲ ਸਕੱਤਰ ਤੇ ਏਲਨਾਬਾਦ ਹਲਕੇ ਤੋਂ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ 5 ਸਤੰਬਰ ਤੱਕ ਇਨੈਲੋ-ਬਸਪਾ ਗੱਠਜੋੜ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਗੱਠਜੋੜ ਨੂੰ ਭਰਵਾਂ ਹੁੰਗਾਰਾ ਮਿਲੇਗਾ। ਉਹ ਖੁਦ ਏਲਨਾਬਾਦ ਤੋਂ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਹ ਏਲਨਾਬਾਦ ਤੋਂ ਪੰਜ ਵਾਰ ਚੋਣ ਲੜ ਚੁੱਕੇ ਹਨ ਤੇ ਹਰ ਵਾਰ ਲੋਕਾਂ ਦਾ ਪੂਰਾ ਸਾਥ ਮਿਲਿਆ ਹੈ, ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਰਕਾਰੀ ਮਸ਼ੀਨਰੀ ਨੇ ਉਨ੍ਹਾਂ ਨੂੰ ਹਰਾਉਣ ਲਈ ਆਪਣੀ ਪੂਰੀ ਤਾਕਤ ਲਾਈ ਸੀ ਪਰ ਵੋਟਰਾਂ ਨੇ ਅਜਿਹੇ ਯਤਨਾਂ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਅੱਜ ਇੱਥੇ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਜਾਇਦਾਦ ਈਡੀ ਵੱਲੋਂ ਕੁਰਕ ਕਰ ਲਈ ਗਈ ਹੈ। ਇਸ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਨਾਲ ਇਹ ਗੱਲ ਸਾਫ ਹੋ ਗਈ ਹੈ ਕਿ ਭੁਪਿੰਦਰ ਸਿੰਘ ਹੁੱਡਾ ਤੇ ਭਾਜਪਾ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨੈਲੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ। ਇਨੈਲੋ ਤੇ ਬਸਪਾ ਦੇ ਕੁਝ ਉਮੀਦਵਾਰਾਂ ਦਾ ਐਲਾਨ ਪਹਿਲੀ ਸਤੰਬਰ ਨੂੰ ਕਰ ਦਿੱਤਾ ਜਾਵੇਗਾ ਤੇ ਪੰਜ ਸਤੰਬਰ ਤੱਕ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਨੈਲੋ ਆਗੂ ਨੇ ਕਿਹਾ ਕਿ 25 ਸਤੰਬਰ ਨੂੰ ਚੌਧਰੀ ਦੇਵੀ ਲਾਲ ਦੀ ਜੈਅੰਤੀ ਮੌਕੇ ਹਰਿਆਣਾ ’ਚ ਵੱਡੀਆਂ ਰੈਲੀਆਂ ਤੇ ਰੋਡ ਸ਼ੋਅ ਕੀਤੇ ਜਾਣਗੇ ਜਿਨ੍ਹਾਂ ਵਿੱਚ ਬਸਪਾ ਸੁਪਰੀਮੋ ਮਾਇਆਵਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।