ਇਨਸਾਫ਼ ਮੋਰਚੇ ਨੇ ਮੁੱਖ ਮੰਤਰੀ ਤੋਂ ਮੰਗਿਆ ਮੁਲਾਕਾਤ ਦਾ ਸਮਾਂ
ਖੇਤਰੀ ਪ੍ਰਤੀਨਿਧ
ਪਟਿਆਲਾ, 20 ਨਵੰਬਰ
‘ਜਸ਼ਨਦੀਪ ਕੌਰ ਇਨਸਾਫ਼ ਮੋਰਚੇ’ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਕੋਲ਼ੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਮੁਲਾਕਾਤ ਦਾ ਇਹ ਫੈਸਲਾ ਮੋਰਚੇ ਦੀ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਹੋਈ ਇਕੱਤਰਤਾ ਦੌਰਾਨ ਲਿਆ ਗਿਆ। ਇਸੇ ਦੌਰਾਨ ਇਸ ਸਬੰਧੀ ਮੁੱਖ ਮੰਤਰੀ ਦੇ ਨਾਮ ਪੱਤਰ ਵੀ ਲਿਖਿਆ ਗਿਆ। ਪੱਤਰ ਰਾਹੀਂ ਮੁੱਖ ਮੰਤਰੀ ਨੂੰ ਪਿਛਲੇ ਦਿਨੀਂ ਹੋਈ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਅਤੇ ਇਸ ਮਾਮਲੇ ਸਮੇਤ ਯੂਨੀਵਰਸਿਟੀ ਦੇ ਮੌਜੂਦਾ ਹਾਲਾਤ ਬਾਰੇ ਵੀ ਜਾਣੂ ਕਰਵਾਇਆ ਗਿਆ ਹੈ।
ਮੋਰਚੇ ਦੇ ਆਗੂਆਂ ਦਾ ਕਹਿਣਾ ਸੀ ਕਿ ਦੋ ਮੈਂਬਰੀ ਕਮੇਟੀ ਦੀ ਰਿਪੋਰਟ ਅਨੁਸਾਰ ਪ੍ਰੋਫ਼ੈਸਰ ਦਾ ਵਿਵਹਾਰ ਅਧਿਆਪਕ ਦੇ ਪੱਧਰ ਤੋਂ ਨੀਵਾਂ ਪਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਦਿਆਰਥੀ ਸੰਘਰਸ਼ ਤੋਂ ਬਾਅਦ ਪ੍ਰੋਫ਼ੈਸਰ ਨੂੰ ਮੁਅੱਤਲ ਤਾਂ ਕਰ ਦਿੱਤਾ ਗਿਆ ਪਰ ਕਾਨੂੰਨੀ ਕਾਰਵਾਈ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਯੂਨੀਵਰਸਿਟੀ ਅਧਿਕਾਰੀਆਂ ’ਤੇ ਪ੍ਰੋਫੈਸਰ ਨੂੰ ਬਚਾਉਣ ਦੇ ਦੋਸ਼ ਲਾਉਂਦਿਆਂ ਆਗੂਆਂ ਕਿਹਾ ਕਿ ਇਨਸਾਫ਼ ਲਈ ਲੜ ਰਹੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਲਈ ਕਮੇਟੀਆਂ ਬਣਾ ਕੇ ਉਨ੍ਹਾਂ ਵਿਰੁੱਧ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਹ ਕਮੇਟੀ ਦੀ ਰਿਪੋਰਟ ਨੂੰ ਜਨਤਕ ਕਰਨ ਅਤੇ ਪ੍ਰੋਫ਼ੈਸਰ ਖਿਲਾਫ਼ ਕਾਨੂੰਨੀ ਕਾਰਵਾਈ ਕਰਨ। ਪੱਤਰ ’ਚ ਉਨ੍ਹਾਂ ਕੁਝ ਮੱਦਾਂ ਵੀ ਰੱਖੀਆਂ ਹਨ।