ਜੰਗਵਾਲ ਦੇ ਆਂਗਣਵਾੜੀ ਸੈਂਟਰ ਦਾ ਨਿਰੀਖਣ
ਖੇਤਰੀ ਪ੍ਰਤੀਨਿਧ
ਲੁਧਿਆਣਾ, 5 ਅਕਤੂਬਰ
ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸ਼ਨੀਵਾਰ ਨੂੰ ਪੀ.ਏ.ਯੂ ਦੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਪਿੰਡ ਜੰਗਵਾਲ ਦੇ ਆਂਗਣਵਾੜੀ ਸੈਂਟਰ ਵਿੱਚ ਮਿੱਡ-ਡੇਅ ਮੀਲ ਦਾ ਨਿਰੀਖਣ ਕੀਤਾ। ਸ੍ਰੀ ਸ਼ਰਮਾ ਨੇ ਚੈਕਿੰਗ ਦੌਰਾਨ ਸਫ਼ਾਈ, ਅਨਾਜ ਭੰਡਾਰਨ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿੱਡ-ਡੇਅ ਮੀਲ ਦੀਆਂ ਰਸੋਈਆਂ ਵਿੱਚ ਚੰਗੀ ਤਰ੍ਹਾਂ ਸਫਾਈ ਰੱਖਣ। ਉਨ੍ਹਾਂ ਕਿਹਾ ਕਿ ਸਰਦੀਆਂ ਦੀਆਂ ਸਬਜ਼ੀਆਂ ਦੇ ਪੱਤਿਆਂ ਨੂੰ ਪਾਣੀ ਵਿੱਚ ਉਬਾਲਣਾ ਚਾਹੀਦਾ ਹੈ ਅਤੇ ਰਸੋਈਏ ਨੂੰ ਗਾਜਰ, ਮੂਲੀ ਅਤੇ ਸ਼ਲਗਮ ਆਦਿ ਦੇ ਪੱਤਿਆਂ ਦਾ ਪਾਣੀ ਵਿਦਿਆਰਥੀਆਂ ਨੂੰ ਪਰੋਸਣਾ ਚਾਹੀਦਾ ਹੈ ਜੋ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਖਰਚੇ ਦੇ ਵਧੀਆ ਪੋਸ਼ਣ ਦੇਵੇਗਾ। ਚੇਅਰਮੈਨ ਨੇ ਮਿੱਡ-ਡੇਅ ਮੀਲ ਦੀ ਨਿਯਮਤ ਜਾਂਚ ਕਰਨ ’ਤੇ ਵੀ ਜ਼ੋਰ ਦਿੱਤਾ ਅਤੇ ਸਕੂਲਾਂ ਵਿੱਚ ਭੋਜਨ ਟੈਸਟ ਰਜਿਸਟਰ ਰੱਖਣ, ਬੱਚਿਆਂ ਨੂੰ ਮਿਆਰੀ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਂਦੇ ਸਮੇਂ ਸਾਫ਼-ਸਫ਼ਾਈ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾਵੇ। ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਹਰ ਛੇ ਮਹੀਨੇ ਬਾਅਦ ਮੈਡੀਕਲ ਚੈਕਅੱਪ ਕਰਵਾਉਣ ਲਈ ਕਿਹਾ।