ਸੰਸਦ ਮੈਂਬਰ ਵੱਲੋਂ ਸਿਵਲ ਹਸਪਤਾਲ ਦਾ ਜਾਇਜ਼ਾ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਅਗਸਤ
ਸ਼ਹਿਰ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਵਿੱਚ ਸਿਹਤ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਲੋਕ ਨਿਰਮਾਣ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ, ਠੇਕੇਦਾਰਾਂ ਅਤੇ ਹੋਰਾਂ ਸਣੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਹਸਪਤਾਲ ਦੇ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏਡੀਸੀ ਅਨਮੋਲ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਪਰਦੀਪ ਕੁਮਾਰ ਮਹਿੰਦਰਾ ਮੌਜੂਦ ਸਨ।
ਇਸ ਮੌਕੇ ’ਤੇ ਰਾਜ ਸਭਾ ਮੈਂਬਰ ਅਰੋੜਾ ਨੇ ਪ੍ਰਾਈਵੇਟ ਠੇਕੇਦਾਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੀਵਰੇਜ ਸਿਸਟਮ, ਵਾਟਰ ਪਰੂਫਿੰਗ, ਟਾਈਲਿੰਗ, ਸੜਕਾਂ ਦੇ ਫੁੱਟਪਾਥ, ਵਾਸ਼ਰੂਮ ਅਤੇ ਕੰਧਾਂ ਤੇ ਰੰਗ-ਰੋਗਨ ਸਣੇ ਵੱਖ-ਵੱਖ ਵਿਕਾਸ ਅਤੇ ਨਵੀਨੀਕਰਨ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ। ਰਾਜ ਸਭਾ ਮੈਂਬਰ ਅਰੋੜਾ ਨੇ ਦੋ ਲਿਫਟਾਂ ਬਾਰੇ ਵੀ ਪੁੱਛਗਿੱਛ ਕੀਤੀ, ਜੋ 12 ਸਾਲਾਂ ਦੇ ਵਕਫ਼ੇ ਤੋਂ ਬਾਅਦ ਹਾਲ ਹੀ ਵਿੱਚ ਚਾਲੂ ਹੋਈਆਂ ਹਨ। ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਨੂੰ ਸਖਤੀ ਨਾਲ ਕਿਹਾ ਕਿ ਲਿਫਟਾਂ ਦੇ ਚਾਲੂ ਹੋਣ ਨੂੰ ਯਕੀਨੀ ਬਣਾਉਣ ਲਈ ਹਸਪਤਾਲ ਪ੍ਰਸ਼ਾਸਨ ਲਿਫਟਮੈਨ ਦਾ ਵੀ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਰੀਜ਼ਾਂ ਨੂੰ ਵਧੀਆ ਸਰਕਾਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸੰਭਾਲ ਲਈ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਹਸਪਤਾਲ ਵਿੱਚ ਸਾਫ਼-ਸਫ਼ਾਈ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਸਪਤਾਲ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਉਪਰਾਲੇ ਕਰ ਰਹੀ ਹੈ।