ਫਾਜ਼ਿਲਕਾ ਵਿੱਚ ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ
ਪਰਮਜੀਤ ਸਿੰਘ
ਫਾਜ਼ਿਲਕਾ, 3 ਨਵੰਬਰ
ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਰੋਕਣ ਲਈ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸ ਲੜੀ ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਿਵਲ ਅਧਿਕਾਰੀਆਂ ਦੀ ਅਗਵਾਈ ਵਿੱਚ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵੱਲੋਂ ਹੁਣ ਤੱਕ 41 ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾਂ ਨੇ ਦਿੱਤੀ ਹੈ। ਡਾ. ਸੰਦੀਪ ਰਿਣਵਾਂ ਨੇ ਦੱਸਿਆ ਕਿ ਇਹ ਟੀਮ ਨਾਜਾਇਜ਼ ਭੰਡਾਰਨ ਦੀ ਜਾਂਚ ਕਰਨ ਦੇ ਨਾਲ-ਨਾਲ ਹੀ ਇਹ ਵੀ ਜਾਂਚ ਕਰ ਰਹੀਆਂ ਹਨ ਕਿ ਕਿਤੇ ਕਿਸਾਨਾਂ ਨੂੰ ਡੀਏਪੀ ਖਾਦ ਦੇ ਨਾਲ ਕੋਈ ਹੋਰ ਦਵਾਈ ਜ਼ਬਰਦਸਤੀ ਤਾਂ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਸ ਲਈ ਸਰਕਾਰ ਵੱਲੋਂ ਸ਼ਿਕਾਇਤ ਲਈ ਨੰਬਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਡੀਏਪੀ ਖਾਦ ਸਬੰਧੀ ਜੇ ਕਿਧਰੇ ਕਾਲਾਬਾਜ਼ਾਰੀ ਜਾਂ ਖਾਦ ਨਾਲ ਹੋਰ ਸਮਾਨ ਦਿੱਤੇ ਜਾਣ ਦੀ ਸ਼ਿਕਾਇਤ ਹੋਵੇ ਤਾਂ 1100 ਨੰਬਰ ’ਤੇ ਕਾਲ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵਟਸਅੱਪ ਨੰਬਰ 98555-01076 ’ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।