ਸੰਸਦ ਮੈਂਬਰਾਂ ਵੱਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
ਪੱਤਰ ਪ੍ਰੇਰਕ
ਜਲੰਧਰ, 11 ਜੂਨ
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਧੁੱਸੀ ਬੰਨ੍ਹ ਦੇ ਨਾਲ-ਨਾਲ ਹੜ੍ਹ ਸੰਭਾਵਿਤ ਇਲਾਕਿਆਂ ਦਾ ਦੌਰਾ ਕਰਦਿਆਂ ਅਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲਿਆ। ਦੋਵਾਂ ਸੰਸਦ ਮੈਂਬਰਾਂ ਨੇ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਵੀ ਕੀਤਾ। ਦੋਵਾਂ ਵੱਲੋਂ ਗਿੱਦੜਪਿੰਡੀ ਅਤੇ ਜਾਨੀਆ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਧੁੱਸੀ ਬੰਨ੍ਹ ‘ਤੇ ਮਜ਼ਬੂਤੀਕਰਨ ਅਤੇ ਸਫਾਈ ਦੇ ਚੱਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਹਿਤਿਆਤੀ ਉਪਰਾਲਿਆਂ ਦੀ ਵੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਤਲੁਜ ਦਰਿਆ ਦੇ ਕੰਢੇ ‘ਤੇ ਜ਼ਮੀਨ ਦੇ ਕਟਾਅ ਤੋਂ ਬਚਣ ਲਈ ਧੁੱਸੀ ਬੰਨ੍ਹ ‘ਤੇ ਮੁੱਖ ਥਾਵਾਂ ਨੂੰ ਮਜ਼ਬੂਤ ਕਰਨ ਦੇ ਕੰਮਾਂ ਦਾ ਵੀ ਨਿਰੀਖਣ ਕੀਤਾ। ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਨੂੰ ਦੱਸਿਆ ਕਿ ਮੌਨਸੂਨ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰ ਲਏ ਜਾਣਗੇ।