ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 31 ਮਾਰਚ
ਲੋਕ ਸਭਾ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਆਰ.ਕੇ. ਸਿੰਘ ਅਤੇ ਪੁਲੀਸ ਸੁਪਰਡੈਂਟ ਵਿਕਰਾਂਤ ਭੂਸ਼ਣ ਨੇ ਅੱਜ ਸਾਂਝੇ ਤੌਰ ’ਤੇ ਸਥਾਨਕ ਸ਼ਮਸ਼ਾਬਾਦ ਪੱਟੀ, ਚੱਤਰਗੜ੍ਹ ਪੱਟੀ ਅਤੇ ਕਈ ਹੋਰ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੋਲਿੰਗ ਸਟੇਸ਼ਨਾਂ ’ਤੇ ਸਹੂਲਤਾਂ ਦੀ ਕੋਈ ਕਮੀ ਨਹੀਂ ਆਉਣੀ ਚਾਹੀਦੀ। ਅਪਾਹਜ ਅਤੇ ਬਜ਼ੁਰਗ ਵੋਟਰਾਂ ਲਈ ਰੈਂਪ ਦੀ ਸਹੂਲਤ, ਮਰਦਾਂ ਅਤੇ ਔਰਤਾਂ ਲਈ ਵੱਖਰੇ ਪਖਾਨੇ, ਪੀਣ ਵਾਲੇ ਪਾਣੀ, ਮੇਜ਼ ਅਤੇ ਕੁਰਸੀਆਂ ਸਮੇਤ ਛਾਂ ਆਦਿ ਯਕੀਨੀ ਬਣਾਈ ਜਾਵੇ। ਪੋਲਿੰਗ ਸਟੇਸ਼ਨਾਂ ਦੇ ਅੰਦਰ ਰੋਸ਼ਨੀ ਲਈ ਬਿਜਲੀ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਪਾਹਜ ਵੋਟਰਾਂ ਦੀ ਸਹੂਲਤ ਲਈ ਵੀਲ੍ਹ ਚੇਅਰ ਅਤੇ ਵਾਲੰਟੀਅਰਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ ਵਿੱਚ ਜਿੱਥੇ ਵੀ ਕੋਈ ਕਮੀ ਮਿਲੇ, ਉਸ ਨੂੰ ਤੁਰੰਤ ਠੀਕ ਕੀਤਾ ਜਾਵੇ ਅਤੇ ਇਸ ਦੀ ਰਿਪੋਰਟ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ।