ਈਟੀਓ ਵੱਲੋਂ ਸੜਕ ਦੇ ਉਸਾਰੀ ਕਾਰਜਾਂ ਦੀ ਜਾਂਚ
ਹਤਿੰਦਰ ਮਹਿਤਾ
ਜਲੰਧਰ, 6 ਜੂਨ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦੇ ਚੱਲ ਰਹੇ ਕਾਰਜ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਅਧਿਕਾਰੀਆਂ ਸਮੇਤ ਸੜਕ ਦਾ ਦੌਰਾ ਕਰਦਿਆਂ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ 13.74 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਕੰਮ ਪਿਛਲੇ ਮਹੀਨੇ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ‘ਤੇ ਜਾਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਗੁਣਵੱਤਾ ਅਤੇ ਮਿਆਰ ਦਾ ਪੂਰਾ ਧਿਆਨ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਵਿਖੇ ਲੱਗਣ ਵਾਲੇ ਮੇਲਿਆਂ ਵਿੱਚ ਵੱਡੀ ਗਿਣਤੀ ਸ਼ਰਧਾਲੂ ਇੱਥੋਂ ਹੋ ਕੇ ਜਾਂਦੇ ਹਨ, ਜਿਸ ਦੇ ਮੱਦੇਨਜ਼ਰ ਇਸ ਸੜਕ ਦੇ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਸੜਕ ਦੇ ਕੰਮ ਨੂੰ ਨਿਰਵਿਘਨ ਅਤੇ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਉਪ ਮੰਡਲ ਇੰਜਨੀਅਰ ਦੀ ਘਾਟ ਨੂੰ ਪੂਰਾ ਕਰਨ ਲਈ ਮੌਕੇ ‘ਤੇ ਨਿਰਦੇਸ਼ ਦਿੱਤੇ।