For the best experience, open
https://m.punjabitribuneonline.com
on your mobile browser.
Advertisement

ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ

07:07 AM Feb 07, 2024 IST
ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ
ਵਿਧਾਇਕ ਇੰਦਰਜੀਤ ਕੌਰ ਮਾਨ ਇੱਕ ਵਿਸ਼ੇਸ਼ ਕੈਂਪ ਦਾ ਦੌਰਾ ਕਰਦੇ ਹੋਏ। ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 6 ਫਰਵਰੀ
‘ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪਹਿਲਕਦਮੀ ਤਹਿਤ ਵਾਰਡ ਨੰਬਰ 1, ਪਿੰਡ ਤਲਵੰਡੀ ਸਲੇਮ ਤੇ ਗਿੱਲ ਸਮੇਤ ਹੋਰਨਾਂ ਪਿੰਡਾਂ ਵਿੱਚ ਲਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਮੌਕੇ ’ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਪ੍ਰਤੀਕਿਰਿਆ ਵੀ ਹਾਸਲ ਕੀਤੀ।
ਬਲਾਚੌਰ (ਨਿੱਜੀ ਪੱਤਰ ਪ੍ਰੇਰਕ): ‘ਪੰਜਾਬ ਸਰਕਾਰ ਵੱਲੋਂ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕੀਤਾ ਗਿਆ ਹੈ, ਜਿਸ ਦਾ ਲਾਭ 10 ਲੱਖ 77 ਹਜ਼ਾਰ ਤੋਂ ਵੱਧ ਲੋਕਾਂ ਨੂੰ ਹੋਵੇਗਾ।’ ਇਹ ਜਾਣਕਾਰੀ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਮੁਹਿੰਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸਬ ਡਿਵੀਜ਼ਨ ਬਲਾਚੌਰ ਵਿੱਚ ਲਗਾਏ ਗਏ ਕੈਂਪ ਪਿੰਡ ਅੰਸਰੋ, ਰੈਲ ਮਾਜਰਾ, ਸਿੰਘਪੁਰ ਦਾ ਦੌਰਾ ਕਰਨ ਉਪਰੰਤ ਦਿੱਤੀ। ਵਿਧਾਇਕ ਸੰਤੋਸ਼ ਕਟਾਰੀਆ ਨੇ ਲੋਕਾਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਇਸ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ’ਤੇ ਉਨ੍ਹਾਂ ਹੱਲ ਵੀ ਕੀਤਾ।
ਅਜਨਾਲਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਅਧੀਨ ਜਿਨ੍ਹਾਂ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ ਹੈ, ਇਹ ਦਫ਼ਤਰਾਂ ਵਿੱਚ ਆਮ ਲੋਕਾਂ ਦੀ ਹੁੰਦੀ ਖੱਜਲ ਖੁਆਰੀ ਤੇ ਲੁੱਟ ਦਾ ਖੁਰਾ ਖੋਜ ਮਿਟਾ ਦੇਣਗੇ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਲੱਗੇ ਕੈਂਪਾਂ ਦਾ ਦੌਰਾ ਕਰਨ ਮੌਕੇ ਕੀਤਾ। ਸ੍ਰੀ ਧਾਲੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਇੰਤਕਾਲ ਸਬੰਧੀ ਕੈਂਪ ਲਗਾ ਕੇ ਮੌਕੇ ਉੱਤੇ ਵੱਡੀ ਪੱਧਰ ’ਤੇ ਇੰਤਕਾਲ ਕੀਤੇ ਗਏ ਸਨ ਅਤੇ ਹੁਣ 43 ਕਿਸਮ ਦੀਆਂ ਸੇਵਾਵਾਂ ਦੇਣ ਲਈ ਸਰਕਾਰ ਜਨਤਾ ਦੇ ਦਰਵਾਜ਼ੇ ਉਤੇ ਪਹੁੰਚ ਰਹੀ ਹੈ। ਉਨਾਂ ਦੱਸਿਆ ਕਿ 8 ਫਰਵਰੀ ਨੂੰ ਹਰਦੋ ਪੁਤਲੀ, ਚੱਕ ਸਿਕੰਦਰ, ਦਿਆਲਪੁਰ ਤੇ ਉਰਦਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ।

Advertisement

ਡੀਸੀ ਵੱਲੋਂ ਲੋਕ ਸੇਵਾ ਕੈਂਪਾਂ ਦਾ ਜਾਇਜ਼ਾ

ਭੁਲੱਥ: ਡੀਸੀ ਅਮਿਤ ਕੁਮਾਰ ਪੰਚਾਲ ਨੇ ਇੱਥੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੱਗੇ ਲੋਕ ਸੇਵਾ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਐੱਸਡੀਐੱਮ ਸੰਜੀਵ ਸ਼ਰਮਾ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਪਿੰਡ ਤਲਵੰਡੀ ਕੂਕਾ ਅਤੇ ਰਾਵਾਂ ਵਿੱਚ ਕੈਂਪਾਂ ਵਿੱਚ ਪਹੁੰਚ ਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸੇਵਾਵਾਂ ਲੈਣ ਆਏ ਬਿਨੈਕਾਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨੇੜੇ ਲੱਗਣ ਵਾਲੇ ਲੋਕ ਸੇਵਾ ਕੈਂਪਾਂ ਵਿੱਚ ਪਹੁੰਚ ਕੇ ਲੋੜੀਂਦੀਆਂ ਸੇਵਾਵਾਂ ਹਾਸਲ ਕਰਨ। ਉਨ੍ਹਾਂ ਦੱਸਿਆ ਕਿ 7 ਫਰਵਰੀ ਨੂੰ ਭੁਲੱਥ ਸਬ-ਡਿਵੀਜ਼ਨ ਦੇ ਪਿੰਡ ਨੰਗਲ ਲੁਬਾਣਾ, ਮੰਡ ਕੁੱਲਾ, ਮੁੰਡੀ ਰੋਡ ਅਤੇ ਮਿਆਣੀ ਭੱਗੂਪੁਰੀਆ ਵਿੱਚ ਲੋਕ ਸੇਵਾ ਕੈਂਪ ਲਾਏ ਜਾ ਰਹੇ ਹਨ ਜਿੱਥੇ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਨਾਗਰਿਕ ਸੇਵਾਵਾਂ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਮੌਕੇ ’ਤੇ ਜਾਣਕਾਰੀ ਦਿੱਤੀ ਜਾਵੇਗੀ।-ਪੱਤਰ ਪ੍ਰੇਰਕ

Advertisement

ਤਹਿਸੀਲ ਸ਼ਾਹਕੋਟ ’ਚ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਸ਼ਾਹਕੋਟ (ਪੱਤਰ ਪ੍ਰੇਰਕ): ਇੱਥੇ ‘ਆਪ’ ਦੀ ਸਰਕਾਰ ‘ਆਪ’ ਦੇ ਦੁਆਰ ਮੁਹਿੰਮ’ ਤਹਿਤ ਤਹਿਸੀਲ ਸ਼ਾਹਕੋਟ ਅੰਦਰ ਲਗਾਏ ਜਾਣ ਵਾਲੇ ਕੈਂਪਾਂ ਦੇ ਅੱਜ ਪਹਿਲੇ ਦਿਨ 6 ਕੈਂਪ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਐੱਸਡੀਐੱਮ ਸ਼ਾਹਕੋਟ ਰਿਸ਼ਭ ਬਾਂਸਲ ਨੇ ਦੱਸਿਆ ਕਿ ਅੱਜ ਬਲਾਕ ਸ਼ਾਹਕੋਟ ਦੇ ਪਿੰਡ ਕੰਨੀਆਂ ਕਲਾਂ ਤੇ ਖੁਰਦ ਤੋਂ ਇਲਾਵਾ ਵਾਰਡ ਨੰਬਰ 1, 2, 3 ਤੇ 5 ਅਤੇ ਬਲਾਕ ਲੋਹੀਆਂ ਦੇ ਵਾਰਡ ਨੰਬਰ 1, 2 ਤੇ 11 ਵਿੱਚ ਕੈਂਪ ਲਗਾਏ ਗਏ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪਾਂ ਵਿੱਚ ਮਾਲ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, ਸੇਵਾ ਕਰ, ਖੇਤੀਬਾੜੀ ਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਤੇ ਸੈਨੀਟੇਸ਼ਨ, ਕਿਰਤ, ਪੀ.ਐਸ.ਪੀ.ਸੀਐਸ.ਐਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਜੂਦ ਰਹਿ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਵੀ ਕੀਤਾ। ਉਨ੍ਹਾਂ ਦੱਸਿਆ ਕਿ 7 ਫਰਵਰੀ ਨੂੰ ਮੁੰਡੀ ਚੋਹਲੀਆਂ ਤੇ ਸ਼ਹਿਰੀਆਂ, ਕੋਹਾੜ ਕਲਾਂ, ਕਿਲੀ, ਈਦਾ ਅਤੇ ਬੱਲ ਨੌਂ ਵਿੱਚ ਕੈਂਪ ਲਗਾਏ ਜਾਣਗੇ।

Advertisement
Author Image

sukhwinder singh

View all posts

Advertisement