ਡੀਸੀ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਦਾ ਜਾਇਜ਼ਾ
ਖੇਤਰੀ ਪ੍ਰਤੀਨਿਧ
ਪਟਿਆਲਾ, 4 ਨਵੰਬਰ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਲਈ ਲੱਗੀ ਮਸ਼ੀਨਰੀ ਦਾ ਫ਼ੀਲਡ ’ਚ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਜਾਹਲ਼ਾਂ, ਧਬਲਾਨ ਤੇ ਸ਼ੇਰਮਾਜਰਾ ਪਿੰਡਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਮਾਹਰਾਂ ਵੱਲੋਂ ਵੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਦਾ ਨਿਪਟਾਰਾ ਇਨ ਸੀਟੂ ਤਕਨੀਕਾਂ ਨਾਲ ਕਰਨ ਅਤੇ ਇਸ ਲਈ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਰਿੱਲ-ਡਰਿੱਲ, ਮਲਚਰ, ਆਰਐੱਮਵੀ ਪਲਾਓ ਵਰਗੀਆਂ ਮਸ਼ੀਨਾਂ ਜ਼ਿਲ੍ਹੇ ਵਿੱਚ ਉਪਲਬੱਧ ਹਨ। ਕਿਸਾਨ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਬੁਕਿੰਗ ਕਰਵਾਉਣ ਲਈ ‘ਉੱਨਤ ਕਿਸਾਨ’ ਐਪ ਦੀ ਵੀ ਵਰਤੋਂ ਕਰ ਸਕਦੇ ਹਨ।
ਇਸ ਮੌਕੇ ਪਿੰਡ ਜਾਹਲਾਂ ਦੇ ਕਿਸਾਨ ਰਤਨਜੀਤ ਸਿੰਘ ਨੇ ਦੱਸਿਆ ਕਿ ਉਸ ਵੱਲੋਂ 15 ਏਕੜ ਜ਼ਮੀਨ ਵਿੱਚ ਪਰਾਲੀ ਨੂੰ ਮਲਚਿੰਗ ਤਕਨੀਕ ਨਾਲ ਖੇਤ ਵਿੱਚ ਹੀ ਮਿਲਾਇਆ ਗਿਆ ਹੈ ਜਿਸ ਲਈ ਉਨ੍ਹਾਂ ਵੱਲੋਂ ਮਲਚਰ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।