ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਇੰਸਪੈਕਟਰ ਗ੍ਰਿਫ਼ਤਾਰ
ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਅਕਤੂਬਰ
ਵਿਜੀਲੈਂਸ ਬਿਊਰੋ ਪਟਿਆਲਾ ਦੀ ਇਕ ਟੀਮ ਨੇ ਅੱਜ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਸ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁਲ ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਇਸ ਅਧਿਕਾਰੀ ਨੇ ਉਸ ਦੇ ਪਿਤਾ ਨੂੰ ਤਿੰਨ ਲੱਖ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਨਸ਼ਾ ਤਸਕਰੀ ਦੇ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਿਸ ਕਰਕੇ 1.50 ਲੱਖ ਰੁਪਏ ਵਿੱਚ ਸੌਦਾ ਤੈਅ ਹੋਇਆ ਜਿਸ ਤਹਿਤ ਹੀ ਉਸ ਨੇ ਪਹਿਲੀ ਕਿਸ਼ਤ ਵਜੋਂ 50 ਹਜ਼ਾਰ ਰੁਪਏ ਪਹਿਲਾਂ ਲਏ ਜਦਕਿ ਹੁਣ ਬਾਕੀ ਰਹਿੰਦੇ ਇਕ ਲੱਖ ਰੁਪਏ ਲੈਂਦਿਆਂ ਕਾਬੂ ਆ ਗਿਆ। ਉਸ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਪਟਿਆਲਾ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਜਿਸ ਤਹਿਤ ਉਸ ਨੂੰ 30 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।