ਵਿਧਾਇਕ ਵੱਲੋਂ ਕੌਂਸਲ ਦੇ ਬਕਾਇਆ ਕੰਮ ਨਬਿੇੜਨ ਦੀ ਹਦਾਇਤ
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 10 ਫਰਵਰੀ
ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ ਵਿੱਚ ਵਿਧਾਇਕ ਐਡ. ਲਖਵੀਰ ਸਿੰਘ ਰਾਏ ਵੱਲੋਂ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਬਕਾਇਆ ਕੰਮਾਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਅਧੂਰੇ ਕੰਮਾਂ ਨੂੰ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ। ਸ੍ਰੀ ਰਾਏ ਨੇ ਗਲੀਆਂ ਵਿੱਚ ਸਟਰੀਟ ਲਾਈਟ ਦੀ ਸਮੱਸਿਆ ਦਾ ਸਹੀ ਤਰੀਕੇ ਨਾਲ ਹੱਲ ਕਰਨ, ਸਾਰੇ ਵਾਰਡਾਂ ਵਿੱਚ ਕੂੜਾ ਚੁੱਕਣ ਦੀ ਸਮੱਸਿਆ ਦੂਰ ਕਰਨ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਹੇਠਲੇ ਪੱਧਰ ਤੱਕ ਹਰ ਸਹੂਲਤ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਇਹ ਵੀ ਉਦੇਸ਼ ਹੈ ਕਿ ਸ਼ਹਿਰਾਂ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਾ ਰਹੇ। ਪੰਜਾਬ ਸਰਕਾਰ ਵੱਲੋਂ ਹਰ ਨਾਗਰਿਕ ਨੂੰ ਸਰਕਾਰ ਤੁਹਾਡੇ ਦੁਆਰ ਸਕੀਮ ਦੇ ਤਹਿਤ 43 ਸੇਵਾਵਾਂ ਘਰ ਬੈਠਿਆਂ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਦਫ਼ਤਰਾਂ ਦੇ ਵਿੱਚ ਜਾ ਕੇ ਖੱਜਲ ਖੁਆਰ ਨਾ ਹੋਣਾ ਪਵੇ।
ਇਸ ਮੌਕੇ ਕਾਰਜਸਾਧਕ ਅਫ਼ਸਰ ਸੰਗੀਤ ਕੁਮਾਰ, ਐੱਸਡੀਓ ਰਜਨੀਸ਼, ਪ੍ਰਿਤਪਾਲ ਸਿੰਘ ਜੱਸੀ, ਰਮੇਸ਼ ਕੁਮਾਰ ਸੋਨੂੰ, ਮੋਹਿਤ ਸੂਦ, ਬਲਵੀਰ ਸੋਢੀ, ਪਵੇਲ ਕੁਮਾਰ ਹਾਂਡਾ, ਗੌਰਵ ਅਰੋੜਾ, ਅਮਿਤ ਦੁਆ, ਰੋਬਿਨ ਜਲੋਟਾ, ਇੰਸਪੈਕਟਰ ਅਜੇ ਕੁਮਾਰ ਅਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।