ਡੀਏਪੀ ਖਾਦ ਮੁਹੱਈਆ ਕਰਵਾਉਣ ਦੇ ਨਿਰਦੇਸ਼
ਆਤਿਸ਼ ਗੁਪਤਾ
ਚੰਡੀਗੜ੍ਹ, 29 ਅਕਤੂਬਰ
ਪੰਜਾਬ ਸਰਕਾਰ ਨੇ ਕਣਕ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਡੀਏਪੀ ਖਾਦ ਸਮੇਂ ਸਿਰ ਮੁਹੱਈਆ ਕਰਵਾਉਣ ਦੀ ਤਿਆਰੀ ਵਿੱਢ ਦਿੱਤੀ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਕਿਸਾਨਾਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਡੀਏਪੀ ਖਾਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਵਧੀਕ ਮੁੱਖ ਸਕੱਤਰ ਨੇ ਪੱਤਰ ਵਿੱਚ ਲਿਖਿਆ ਕਿ ਪੰਜਾਬ ਵਿੱਚ ਡੀਏਪੀ ਖਾਦ ਦੇ 50 ਕਿਲੋ ਦੇ ਬੈੱਗ ਦੀ ਕੀਮਤ 1350 ਰੁਪਏ ਰੱਖੀ ਗਈ ਹੈ, ਪਰ ਕੁਝ ਡੀਲਰਾਂ ਵੱਲੋਂ ਡੀਏਪੀ ਖਾਦ ਨਾਲ ਕੁਝ ਬੇਲੋੜੀ ਵਸਤਾਂ ਥੋਪੀਆਂ ਜਾ ਰਹੀਆਂ ਹਨ। ਇਸ ਮੁੱਦੇ ਨੂੰ ਧਿਆਨ ਵਿੱਚ ਰੱਖਦਿਆਂ ਡੀਲਰਾਂ ’ਤੇ ਅਚਨਚੇਤ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਲੋੜੀਂਦੀ ਖਾਦ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੂੰ ਹਦਾਇਤ ਕੀਤੀ ਕਿ ਡੀਏਪੀ ਦੀ ਕਾਲਾਬਾਜ਼ਾਰੀ ਨਾ ਹੋਣ ਦਿੱਤੀ ਜਾਵੇ, ਅਜਿਹਾ ਕਰਨ ਵਾਲੇ ਡੀਲਰਾਂ ਖ਼ਿਲਾਫ਼ ਫੌਰੀ ਕਾਰਵਾਈ ਕੀਤੀ ਜਾਵੇ।
ਪੀਏਯੂ ਵੱਲੋਂ ਕਿਸਾਨਾਂ ਨੂੰ ਡੀਏਪੀ ਖਾਦ ਦੇ ਬਦਲਵੇਂ ਸਰੋਤਾਂ ਦੀ ਸਿਫ਼ਾਰਸ਼
ਲੁਧਿਆਣਾ (ਖੇਤਰੀ ਪ੍ਰਤੀਨਿਧ):
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਹਾੜ੍ਹੀ ਦੌਰਾਨ ਕਣਕ ਦੀ ਫ਼ਸਲ ਲਈ ਡੀਏਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ। ਖੇਤੀ ਮਾਹਿਰਾਂ ਨੇ ਡੀਏਪੀ ਦੇ ਬਦਲਵੇਂ ਸਰੋਤ ਵਜੋਂ ਸਿੰਗਲ ਤੇ ਟ੍ਰਿਪਲ ਸੁਪਰ ਫਾਸਫੇਟ ਤੋਂ ਇਲਾਵਾ ਜੈਵਿਕ ਖਾਦਾਂ ਵਰਤਣ ’ਤੇ ਜ਼ੋਰ ਦਿੱਤਾ ਹੈ।