ਫਿਲਮਾਂ ਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਲਈ ਹਦਾਇਤਾਂ ਜਾਰੀ
ਨਵੀਂ ਦਿੱਲੀ: ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਫਿਲਮਾਂ ਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਅੱਜ ਹਦਾਇਤਾਂ (ਐੱਸਓਪੀ) ਦਾ ਐਲਾਨ ਕੀਤਾ, ਜਿਨ੍ਹਾਂ ’ਚ ਕੈਮਰੇ ਦੇ ਸਾਹਮਣੇ ਆਉਣ ਵਾਲੇ ਕਲਾਕਾਰਾਂ ਨੂੰ ਛੱਡ ਕੇ ਬਾਕੀ ਸਾਰੇ ਲੋਕਾਂ ਲਈ ਸਮਾਜਿਕ ਦੂਰੀ ਦਾ ਪਾਲਣ ਕਰਨਾ ਤੇ ਮਾਸਕ ਲਾਉਣ ਵਰਗੇ ਨਿਯਮਾਂ ਦਾ ਪਾਲਣ ਕਰਨਾ ਸ਼ਾਮਲ ਹੈ।ਸ੍ਰੀ ਜਾਵੜੇਕਰ ਨੇ ਕਿਹਾ ਕਿ ਇਨ੍ਹਾਂ ਇਹਤਿਆਤੀ ਕਦਮਾਂ ਨਾਲ ਸ਼ੂਟਿੰਗ ਫਿਰ ਤੋਂ ਸ਼ੁਰੂ ਕਰਨ ’ਚ ਮਦਦ ਮਿਲੇਗੀ ਅਤੇ ਕਰੋਨਾਵਾਇਰਸ ਕਾਰਨ ਪ੍ਰਭਾਵਿਤ ਹੋਈ ਫਿਲਮ ਸਨਅਤ ਨਾਲ ਜੁੜੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਸਿਹਤ ਤੇ ਗ੍ਰਹਿ ਮੰਤਰਾਲੇ ਨਾਲ ਵਿਚਾਰ ਚਰਚਾ ਤੋਂ ਬਾਅਦ ਐੱਸਓਪੀ ਨੂੰ ਆਖਰੀ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਆਧਾਰ ’ਤੇ ਫਿਲਮਾਂ ਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੈਮਰੇ ਦੇ ਸਾਹਮਣੇ ਜੋ ਲੋਕ ਕੰਮ ਕਰਦੇ ਹਨ ਉਨ੍ਹਾਂ ਨੂੰ ਛੱਡ ਕੇ ਬਾਕੀ ਲੋਕਾਂ ਨੂੰ ਮਾਸਕ ਪਾਉਣਾ ਪਵੇਗਾ। -ਪੀਟੀਆਈ