ਪੰਜਾਬ ’ਚ ਝੋਨੇ ਦੀ ਖ਼ਰੀਦ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਸਤੰਬਰ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮੂਹ ਜ਼ਿਲ੍ਹਾ ਮੰਡੀ ਅਫ਼ਸਰਾਂ ਅਤੇ ਉੱਚ ਅਧਿਕਾਰੀਆਂ ਨੂੰ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਚੇਅਰਮੈਨ ਬਰਸਟ ਨੇ ਮੁਹਾਲੀ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਸਾਉਣੀ ਸੀਜ਼ਨ 2024-25 ਦੌਰਾਨ ਸਮੂਹ ਮੰਡੀਆਂ ਦੇ ਅਗਾਊਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ, ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਜੁੜੇ ਮੁੱਦਿਆਂ ’ਤੇ ਵੀ ਚਰਚਾ ਕੀਤੀ। ਬਰਸਟ ਨੇ ਕਿਹਾ ਕਿ 1 ਅਕਤੂਬਰ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਣ ਵਾਲੀ ਹੈ। ਇਸ ਲਈ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਦੀ ਸਾਫ਼-ਸਫ਼ਾਈ, ਬਿਜਲੀ-ਪਾਣੀ, ਪਖਾਨਿਆਂ, ਛਾਂ ਅਤੇ ਬੈਠਣ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਚੇਅਰਮੈਨ ਨੇ ਜ਼ਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੀਜ਼ਨ ਦੌਰਾਨ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਕੇ ਚੰਗੀ ਕਾਰਗੁਜ਼ਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਦੀਆਂ ਸਹੂਲਤਾਂ ਬਾਰੇ ਕਿਸਾਨਾਂ ਨੂੰ ਪਿੰਡ ਪੱਧਰ ’ਤੇ ਜਾਗਰੂਕ ਕੀਤਾ ਜਾਵੇ। ਮੰਡੀ ਬੋਰਡ ਨੂੰ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਲਈ ਸਾਰੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤੇ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਨਵੇਂ ਸਕੱਤਰ ਰਾਮਵੀਰ, ਸੰਯੁਕਤ ਸਕੱਤਰ ਗੀਤਿਕਾ ਸਿੰਘ, ਮੁੱਖ ਨਿਗਰਾਨ ਜਤਿੰਦਰ ਸਿੰਘ ਭੰਗੂ, ਮੁੱਖ ਇੰਜੀਨੀਅਰ ਗੁਰਿੰਦਰ ਸਿੰਘ ਚੀਮਾ ਅਤੇ ਜੀਐੱਮ ਮਨਜੀਤ ਸਿੰਘ ਸੰਧੂ ਮੌਜੂਦ ਸਨ।