ਵਿਦਿਆਰਥੀਆਂ ਦੇ ਮਸਲੇ ਹੱਲ ਕਰਨ ਲਈ ਕਮੇਟੀਆਂ ਬਣਾਉਣ ਦੇ ਨਿਰਦੇਸ਼
ਪੱਤਰ ਪ੍ਰੇਰਕ
ਜਲੰਧਰ, 18 ਨਵੰਬਰ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਸੁਣਦਿਆਂ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਵਿਦਿਆਰਥੀ ਸੰਗਠਨਾਂ ਅਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ। ਮੀਟਿੰਗ ਦੌਰਾਨ ਵਿਦਿਆਰਥੀ ਸੰਗਠਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਡਾ. ਅਗਰਵਾਲ ਨੇ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਆਪੋ-ਆਪਣੇ ਅਦਾਰਿਆਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਕੀਮ ਦੀਆਂ ਹਦਾਇਤਾਂ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਐੱਸਡੀਐੱਮ ਰਣਦੀਪ ਸਿੰਘ, ਐੱਸਡੀਐੱਮ ਬਲਬੀਰ ਰਾਜ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ ਮੌਜੂਦ ਸਨ।