ਪੁਲੀਸ ਅਧਿਕਾਰੀਆਂ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਦੇ ਨਿਰਦੇਸ਼
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਮਾਰਚ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅਗਾਮੀ ਲੋਕ ਸਭਾ ਚੋਣਾਂ-2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਦੇ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਅੰਤਰਰਾਜੀ/ਅੰਤਰ-ਜ਼ਿਲ੍ਹਾ ਨਾਕੇ ਲਗਾ ਕੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਚੋਣਾਂ ਤੋਂ ਪਹਿਲਾਂ ਨਾਕਿਆਂ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਇਆ। ਸ੍ਰੀ ਯਾਦਵ ਨੇ ਸਾਰੇ ਪੁਲੀਸ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਲੋਕਾਂ ਦਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਹ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਗੰਨ ਹਾਊਸਾਂ ਦੀ ਵਾਰ-ਵਾਰ ਚੈਕਿੰਗ ਕਰਨ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਚੋਣਾਂ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਵਿੱਚ 2890 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀਆਰਪੀਸੀ ਐਕਟ ਦੀਆਂ ਧਾਰਾਵਾਂ 107/151 ਤਹਿਤ 2456 ਗੈਰ ਸਮਾਜੀ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਕੁੱਲ 2110 ਗੈਰ-ਜ਼ਮਾਨਤੀ ਵਾਰੰਟਾਂ ਵਿੱਚੋਂ, 1175 ਗੈਰ-ਜ਼ਮਾਨਤੀ ਵਾਰੰਟਾਂ ਨੂੰ ਸਫਲਤਾਪੂਰਵਕ ਅਮਲ ਵਿੱਚ ਲਿਆਂਦਾ ਗਿਆ ਹੈ।