For the best experience, open
https://m.punjabitribuneonline.com
on your mobile browser.
Advertisement

ਬੁੱਧੀਜੀਵੀਆਂ ਤੇ ਚਿੰਤਕਾਂ ਵੱਲੋਂ ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਪ੍ਰਦਰਸ਼ਨ

06:44 AM Sep 19, 2024 IST
ਬੁੱਧੀਜੀਵੀਆਂ ਤੇ ਚਿੰਤਕਾਂ ਵੱਲੋਂ ਮਾਲੀ ਦੀ ਗ੍ਰਿਫ਼ਤਾਰੀ ਵਿਰੁੱਧ ਪ੍ਰਦਰਸ਼ਨ
ਚੰਡੀਗੜ੍ਹ ਦੇ ਸੈਕਟਰ-17 ਵਿੱਚ ਸੰਬੋਧਨ ਕਰਦੇ ਹੋਏ ਡਾ. ਪਿਆਰੇ ਲਾਲ ਗਰਗ ਤੇ ਹਾਜ਼ਰ ਹੋਰ ਸ਼ਖ਼ਸੀਅਤਾਂ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਸਤੰਬਰ
ਪੰਜਾਬ ਦੇ ਸਿਆਸੀ ਅਲੋਚਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਪਿਛਲੇ ਦਿਨੀਂ ਮੁਹਾਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਵਿਰੁੱਧ ਪੰਜਾਬ ਦੇ ਬੁੱਧੀਜੀਵੀ, ਚਿੰਤਕ ਤੇ ਵੱਡੀ ਗਿਣਤੀ ਵਿੱਚ ਸਮਾਜ ਸੇਵਕ ਨਿੱਤਰ ਆਏ ਹਨ। ਇਨ੍ਹਾਂ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ-17 ਵਿੱਚ ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਦੇ ਵਤੀਰੇ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਦਰਜ ਕੀਤੇ ਪੁਲੀਸ ਕੇਸ ਰੱਦ ਕਰ ਕੇ ਸ੍ਰੀ ਮਾਲੀ ਨੂੰ ਜਲਦ ਰਿਹਾਅ ਕਰਨ ਦੀ ਮੰਗ ਕੀਤੀ।
ਇਸ ਮੌਕੇ ਡਾ. ਪਿਆਰੇ ਲਾਲ ਗਰਗ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਸਾਬਕਾ ਸੰਸਦ ਮੈਂਬਰ ਅਤਿੰਦਰ ਪਾਲ ਸਿੰਘ, ਵਿਕਰਮ ਬਾਜਵਾ, ਰਣਜੀਤ ਪਵਾਰ, ਡਾ. ਖੁਸ਼ਹਾਲ ਸਿੰਘ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਪ੍ਰੋ. ਮਨਜੀਤ ਸਿੰਘ, ਰਾਜਵਿੰਦਰ ਸਿੰਘ ਰਾਹੀ ਸਣੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੰਬੋਧਨ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰ ਵਿਰੁੱਧ ਬੋਲਣ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸੰਵਿਧਾਨ ਦੇ ਉਲਟ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸੂਬਾ ਸਰਕਾਰ ਵੱਲੋਂ ਕਾਨੂੰਨ ਦੀ ਵਰਤੋਂ ਅਪਰਾਧਾਂ ’ਤੇ ਨੱਥ ਪਾਉਣ ਦੀ ਥਾਂ ਮੀਡੀਆ ਦੀ ਸੁਤੰਤਰਤਾ ਨੂੰ ਕੁਚਲਣ ਅਤੇ ਆਲੋਚਕਾਂ ਦੀ ਆਵਾਜ਼ ਬੰਦ ਕਰਨ ਲਈ ਕੀਤੀ ਜਾ ਰਹੀ ਹੈ। ਪਹਿਲਾਂ ਸੂਬਾ ਸਰਕਾਰ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਰਾਜਸੀ ਅਲੋਚਕਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀਆਂ ਗਈਆਂ ਸਨ, ਹੁਣ ਯੂ-ਟਿਊਬਰ ’ਤੇ ਪੁਲੀਸ ਰਾਹੀਂ ਸ਼ਿਕੰਜਾ ਕੱਸ ਰਹੀ ਹੈ, ਉਨ੍ਹਾਂ ਨੂੰ ਪੁਲੀਸ ਸਟੇਸ਼ਨਾਂ ਵਿੱਚ ਬੁਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਈ ਸੋਸ਼ਲ ਮੀਡੀਆ ਅਤੇ ਯੂਟਿਊਬਰ ਪੱਤਰਕਾਰਾਂ ਦੇ ਖਾਤੇ ਬੰਦ ਕਰਾ ਦਿੱਤੇ ਹਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਰਾਹ ’ਤੇ ਚੱਲਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਅੱਜ ਲੋਕਤੰਤਰੀ ਲੀਹਾਂ ਪਾਰ ਕੇ ਅਲੋਚਨਾ ਨੂੰ ਕੁਚਲਣ ਦੇ ਰਾਹ ਪੈ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਤਰ੍ਹਾਂ ਅਲੋਚਕਾਂ, ਚਿੰਤਕਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਹੈ, ਇਹ ਭਵਿੱਖ ਵਿੱਚ ਹੋਰ ਵਧੇਗੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਿਆਸੀ ਅਲੋਚਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਦਰਜ ਕੀਤੇ ਪੁਲੀਸ ਕੇਸ ਨੂੰ ਰੱਦ ਕਰ ਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵਿਰੁੱਧ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਪਰਮਜੀਤ ਕੌਰ ਲਾਂਡਰਾ, ਕਰਨੈਲ ਸਿੰਘ ਪੰਜੌਲੀ, ਡਾ. ਖੁਸ਼ਹਾਲ ਸਿੰਘ ਸਣੇ ਵੱਡੀ ਗਿਣਤੀ ਵਿੱਚ ਬੁੱਧੀਜੀਵੀ, ਚਿੰਤਕ, ਵਕੀਲ, ਕਿਸਾਨ ਤੇ ਵੱਖ-ਵੱਖ ਵਰਗਾਂ ਤੋਂ ਲੋਕ ਮੌਜੂਦ ਰਹੇ।

Advertisement

Advertisement
Advertisement
Author Image

Advertisement