ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ’ਚ ਦਖਲ ਬਰਦਾਸ਼ਤ ਨਹੀਂ: ਸਿਮਰਨਜੀਤ ਸਿੰਘ ਮਾਨ
ਡਾ. ਹਿਮਾਂਸੂ ਸੂਦ
ਫ਼ਤਹਿਗੜ੍ਹ ਸਾਹਿਬ, 12 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਅੱਜ ਇੱਥੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ 77ਵੇਂ ਜਨਮ ਦਿਨ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਹਲਦਵਾਨੀ ਵਿੱਚ ਮਸਜਿਦਾਂ, ਮਦਰੱਸਿਆਂ ਨੂੰ ਨਿਸ਼ਾਨਾ ਬਣਾਉਣ ਅਤੇ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਹਕੂਮਤੀ ਦਖਲ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਲੋਕ ਸਭਾ ਚੋਣਾਂ ਲਈ ਲੋਕਾਂ ਨੂੰ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਬਣਾਏ ਗਏ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂਘਰਾਂ ਵਿੱਚ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹਲਦਵਾਨੀ ਵਿੱਚ ਮਸਜਿਦਾਂ ਤੇ ਮਦਰੱਸਿਆਂ ਨੂੰ ਢਾਹ ਕੇ ਸਰਕਾਰੀ ਕਬਜ਼ੇ ਕੀਤੇ ਜਾਣ ਦੀ ਵੀ ਨਿਖੇਧੀ ਕੀਤੀ। ਇਸ ਮੌਕੇ ਕੁੱਲ 13 ਮਤੇ ਪਾਸ ਕੀਤੇ ਗਏ। ਇਸ ਮੌਕੇ ਅਕਾਲੀ ਦਲ ਦੇ ਗੁਰਪ੍ਰੀਤ ਸਿੰਘ ਲਖਮੀਰਵਾਲਾ ਅਤੇ ਕਾਂਗਰਸ ਦੇ ਮਹਿੰਦਰ ਸਿੰਘ ਆੜ੍ਹਤੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।