For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ਅੱਜ

06:59 AM Feb 01, 2024 IST
ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਤਰਿਮ ਬਜਟ ਅੱਜ
Advertisement

ਨਵੀਂ ਦਿੱਲੀ, 31 ਜਨਵਰੀ
ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੀਰਵਾਰ ਨੂੰ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਪੇਸ਼ ਕਰੇਗੀ। ਸਰਕਾਰ ਨੇ ਅੰਤਰਿਮ ਬਜਟ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। 9 ਫਰਵਰੀ ਤੱਕ ਚੱਲਣ ਵਾਲਾ 17ਵੀਂ ਲੋਕ ਸਭਾ ਦਾ ਇਹ ਆਖਰੀ ਇਜਲਾਸ ਹੋਵੇਗਾ। ਉਧਰ ਸਰਕਾਰ ਮੁਕਾਬਲੇ (ਕੰਪੀਟੇਟਿਵ) ਦੀਆਂ ਪ੍ਰੀਖਿਆਵਾਂ ਵਿੱਚ ਨਕਲ ਤੇ ਬੇਨਿਯਮੀਆਂ ਨੂੰ ਰੋਕਣ ਲਈ ਅਗਲੇ ਹਫ਼ਤੇ ਸੰਸਦ ਵਿੱਚ ਨਵਾਂ ਬਿੱਲ ਲਿਆ ਸਕਦੀ ਹੈ। ਸੂਤਰਾਂ ਮੁਤਾਬਕ ਬਿੱਲ ਵਿੱਚ ਦਸ ਸਾਲ ਕੈਦ ਤੇ ਇਕ ਕਰੋੜ ਰੁਪਏ ਤੱਕ ਜੁਰਮਾਨੇ ਦੀ ਤਜਵੀਜ਼ ਰੱਖੀ ਜਾ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਨਸ਼ਨ ਆਫ਼ ਅਨਵੇਅਰ ਮੀਨਜ਼) ਬਿੱਲ 2024 ਸੋਮਵਾਰ ਨੂੰ ਬਜਟ ਇਜਲਾਸ ਦੌਰਾਨ ਸੰਸਦ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਕੇਂਦਰੀ ਕੈਬਨਿਟ ਨੇ ਬਿੱਲ ਨੂੰ ਹਾਲ ਹੀ ਵਿੱਚ ਪ੍ਰਵਾਨਗੀ ਦਿੱਤੀ ਸੀ। ਸੂਤਰਾਂ ਨੇ ਕਿਹਾ ਕਿ ਤਜਵੀਜ਼ਤ ਬਿੱਲ ਵਿਚ ਵਿਦਿਆਰਥੀਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਵੇਗਾ। ਬਿੱਲ ਦਾ ਮੁੱਖ ਮਕਸਦ ਜਥੇਬੰਦਕ ਅਪਰਾਧ, ਮਾਫੀਆ ਅਨਸਰਾਂ ਤੇ ਨਾਪਾਕ ਗੱਠਜੋੜ ’ਚ ਸ਼ਾਮਲ ਸਰਕਾਰੀ ਅਧਿਕਾਰੀਆਂ ਸਣੇ ਹੋਰਨਾਂ ਖਿਲਾਫ਼ ਕਾਰਵਾਈ ਯਕੀਨੀ ਬਣਾਉਣਾ ਹੈ। ਬਿੱਲ ਵਿੱਚ ਉੱਚ ਪੱਧਰੀ ਤਕਨੀਕੀ ਕਮੇਟੀ ਦੀ ਵੀ ਤਜਵੀਜ਼ ਰੱਖੀ ਗਈ ਹੈ, ਜੋ ਕੰਪਿਊਟਰਾਈਜ਼ਡ ਪ੍ਰੀਖਿਆ ਅਮਲ ਨੂੰ ਵਧੇਰੇ ਸੁਰੱਖਿਅਤ ਬਣਾਉਣ ਲਈ ਸਿਫਾਰਸ਼ਾਂ ਕਰੇਗੀ। -ਪੀਟੀਆਈ

Advertisement

ਅੜਿੱਕਾ ਡਾਹੁਣ ਵਾਲੇ ਸੰਸਦ ਮੈਂਬਰ ਆਪਣੇ ਅੰਦਰ ਝਾਤ ਮਾਰਨ: ਮੋਦੀ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸੰਸਦ ਦਾ ਆਖਰੀ ਇਜਲਾਸ ਸ਼ੁਰੂ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ। ਉਨ੍ਹਾਂ ਅੜਿੱਕਾ ਡਾਹੁਣ ਵਾਲੇ ਸੰਸਦ ਮੈਂਬਰਾਂ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਆਪਣੇ ਅੰਦਰ ਝਾਤ ਮਾਰਨ ਕਿਉਂਕਿ ਰੌਲਾ ਪਾਉਣ ਵਾਲਿਆਂ ਨੂੰ ਕੋਈ ਵੀ ਚੇਤੇ ਨਹੀਂ ਰੱਖਦਾ ਹੈ। ਮੋਦੀ ਨੇ ਭਰੋਸਾ ਜਤਾਇਆ ਕਿ ਲੋਕਾਂ ਦੇ ਆਸ਼ੀਰਵਾਦ ਨਾਲ ਵਿਕਾਸ ਦਾ ਸਫ਼ਰ ਅੱਗੇ ਵੀ ਜਾਰੀ ਰਹੇਗਾ। ਸੰਸਦ ਦੇ ਬਜਟ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੂਰਾ ਬਜਟ ਪੇਸ਼ ਨਾ ਕਰਨ ਦੀ ਰਵਾਇਤ ਰਹੀ ਹੈ ਪਰ ਉਹ ਨਵੀਂ ਸਰਕਾਰ ਬਣਨ ਮਗਰੋਂ ਦੇਸ਼ਵਾਸੀਆਂ ਲਈ ਪੂਰਨ ਬਜਟ ਪੇਸ਼ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਦਤ ਤਹਿਤ ਹੰਗਾਮਾ ਕਰਨਾ ਜਿਨ੍ਹਾਂ ਦਾ ਸੁਭਾਅ ਬਣ ਗਿਆ ਹੈ ਅਤੇ ਜੋ ਜਮਹੂਰੀ ਕਦਰਾਂ-ਕੀਮਤਾਂ ਦਾ ਚੀਰਹਰਣ ਕਰਦੇ ਹਨ, ਅਜਿਹੇ ਸਾਰੇ ਸੰਸਦ ਮੈਂਬਰਾਂ ਨੂੰ ਅੰਤਰ ਝਾਤ ਮਾਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੈਂਬਰਾਂ ਲਈ ਬਜਟ ਇਜਲਾਸ ਪਸ਼ਚਾਤਾਪ ਦਾ ਵੀ ਮੌਕਾ ਹੈ। ਉਨ੍ਹਾਂ ਵਿਰੋਧੀ ਮੈਂਬਰਾਂ ’ਤੇ ਸੰਸਦੀ ਕਾਰਵਾਈ ’ਚ ਵਾਰ ਵਾਰ ਅੜਿੱਕੇ ਡਾਹੁਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਜਿਹੇ ਸੰਸਦ ਮੈਂਬਰ ਆਪਣੇ ਹਲਕੇ ਦੇ 100 ਲੋਕਾਂ ਤੋਂ ਪੁੱਛ ਲੈਣ। ‘ਕਿਸੇ ਨੂੰ ਯਾਦ ਨਹੀਂ ਹੋਵੇਗਾ। ਕਿਸੇ ਨੂੰ ਨਾਮ ਵੀ ਪਤਾ ਨਹੀਂ ਹੋਵੇਗਾ ਜਿਨ੍ਹਾਂ ਹੰਗਾਮਾ ਕੀਤਾ ਹੋਵੇਗਾ।’ ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਆਪਣੇ ਵਿਚਾਰਾਂ ਨਾਲ ਸਦਨ ਨੂੰ ਲਾਭ ਪਹੁੰਚਾਇਆ ਹੋਵੇਗਾ, ਉਨ੍ਹਾਂ ਨੂੰ ਬਹੁਤ ਵੱਡਾ ਵਰਗ ਅੱਜ ਵੀ ਯਾਦ ਕਰਦਾ ਰਹੇਗਾ। ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਮੈਂਬਰਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੀਰਵਾਰ ਨੂੰ ਬਜਟ ਪੇਸ਼ ਕਰਨਗੇ ਅਤੇ ਇਹ ਇਕ ਤਰ੍ਹਾਂ ਨਾਲ ਮਹਿਲਾ ਸ਼ਕਤੀਕਰਨ ਦਾ ਤਿਉਹਾਰ ਹੈ। -ਪੀਟੀਆਈ

ਭਾਜਪਾ ਦੇ ਵਿਰੋਧੀ ਧਿਰ ’ਚ ਰਹਿੰਦਿਆਂ ਸੰਸਦ ’ਚ ਸਭ ਤੋਂ ਵੱਧ ਅੜਿੱਕੇ ਪਏ ਸਨ: ਖੜਗੇ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਰੋਧੀ ਧਿਰ ’ਤੇ ਕੀਤੇ ਗਏ ਹਮਲੇ ਨੂੰ ਲੈ ਕੇ ਮੋੜਵਾਂ ਜਵਾਬ ਦਿੰਦਿਆਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਸੰਸਦੀ ਲੋਕਤੰਤਰ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਹਾਕਿਆਂ ਦੇ ਅੰਕੜੇ ਦੱਸਦੇ ਹਨ ਕਿ ਸੰਸਦ ’ਚ ਸਭ ਤੋਂ ਵੱਧ ਅੜਿੱਕਾ 15ਵੀਂ ਲੋਕ ਸਭਾ (2009-2014) ਦੌਰਾਨ ਪਿਆ ਅਤੇ ਉਸ ਸਮੇਂ ਭਾਜਪਾ ਮੁੱਖ ਵਿਰੋਧੀ ਧਿਰ ਸੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਸੰਸਦ ਦਾ ਅਪਮਾਨ ਕੀਤਾ ਹੈ ਅਤੇ ਲੋਕਤੰਤਰ ਨੂੰ ਖ਼ਤਰੇ ’ਚ ਪਾ ਦਿੱਤਾ ਹੈ। ਖੜਗੇ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਪੋਸਟ ਕੀਤਾ, ‘‘ਪ੍ਰਧਾਨ ਮੰਤਰੀ ਜੀ ਨੇ ਸੰਸਦ ਦੇ ਬਾਹਰ ਬਿਆਨ ਦਿੱਤਾ। ਅਸੀਂ ਉਨ੍ਹਾਂ ਨੂੰ ਚੇਤੇ ਕਰਾਉਣਾ ਚਾਹੁੰਦੇ ਹਾਂ ਕਿ ਕਿਵੇਂ ਉਨ੍ਹਾਂ ਦੀ ਸਰਕਾਰ ਸੰਸਦੀ ਲੋਕਤੰਤਰ ਤਬਾਹ ਕਰਨ ਲਈ ਜ਼ਿੰਮੇਵਾਰ ਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਸੰਸਦ ਦੇ ਪਿਛਲੇ ਇਜਲਾਸ ਦੌਰਾਨ ਦੋਵੇਂ ਸਦਨਾਂ ’ਚੋਂ 146 ਮੈਂਬਰਾਂ ਨੂੰ ਮੁਅੱਤਲ ਕਰਕੇ ਸਿਰਫ਼ ਤਿੰਨ ਦਿਨਾਂ ’ਚ 14 ਬਿੱਲ ਪਾਸ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਲੋਕ ਸਭਾ ’ਚ ਇਕ ਘੰਟੇ ਤੋਂ ਵੀ ਘੱਟ ਚਰਚਾ ’ਚ 172 ’ਚੋਂ 64 ਬਿੱਲ ਪਾਸ ਹੋ ਚੁੱਕੇ ਹਨ। ਇਸੇ ਤਰ੍ਹਾਂ 17ਵੀਂ ਲੋਕ ਸਭਾ ਦੇ ਕਾਰਜਕਾਲ ਦੌਰਾਨ ਰਾਜ ਸਭਾ ’ਚ ਇਕ ਘੰਟੇ ਤੋਂ ਵੀ ਘੱਟ ਚਰਚਾ ਨਾਲ 61 ਬਿੱਲ ਪਾਸ ਕੀਤੇ ਗਏ। -ਪੀਟੀਆਈ

Advertisement
Author Image

joginder kumar

View all posts

Advertisement
Advertisement
×