ਮੁਹਾਲੀ ਤੋਂ ਜਲਦੀ ਕੌਮਾਂਤਰੀ ਉਡਾਣਾਂ ਸ਼ੁਰੂ ਹੋਣਗੀਆਂ: ਸ਼ੇਖਾਵਤ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 3 ਜੂਨ
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਅੱਜ ਦੂਜੇ ਦਿਨ ਮੁਹਾਲੀ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੀਆਂ ਰਿਆਇਤਾਂ ਦੇਣ ਦੀ ਗੱਲ ਕਹੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ਤੋਂ ਯੂਰਪ ਅਤੇ ਉੱਤਰੀ ਅਮਰੀਕਾ ਦੇ ਵੱਡੇ ਮੁਲਕਾਂ ਲਈ ਜਲਦੀ ਕੌਮਾਂਤਰੀ ਉਡਾਣਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਨਾਲ ਜਿੱਥੇ ਮੁਹਾਲੀ ਦਾ ਨਾਂ ਵਿਸ਼ਵ ਦੇ ਨਕਸ਼ੇ ‘ਤੇ ਆਵੇਗਾ, ਉੱਥੇ ਵਪਾਰ ਵਧਣ ਨਾਲ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਭਾਜਪਾ ਆਗੂ ਗਜੇਂਦਰ ਸ਼ੇਖਾਵਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪਿਛਲੇ ਨੌਂ ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਉਣ ਲਈ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਦੌਰੇ ‘ਤੇ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਮੁਹਾਲੀ ਤੋਂ ਦੁਬਈ ਲਈ ਤਾਂ ਕੌਮਾਂਤਰੀ ਉਡਾਣ ਉਪਲਬਧ ਹੈ ਪਰ ਯੂਰਪ ਜਾਂ ਉੱਤਰੀ ਅਮਰੀਕਾ ਲਈ ਕੌਮਾਂਤਰੀ ਉਡਾਣ ਦਾ ਪ੍ਰਬੰਧ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਅਪੀਲ ਕੀਤੀ।