ਏਮਜ਼ ਵਿੱਚ ਕੌਮਾਂਤਰੀ ਸਕਿੱਲ ਸੈਂਟਰ ਸ਼ੁਰੂ
ਪੱਤਰ ਪ੍ਰੇਰਕ
ਬਠਿੰਡਾ, 10 ਅਗਸਤ
ਇੱਥੇ ਏਮਜ਼ ਵਿੱਚ ਨਰਸਿੰਗ ਵਿਦਿਆਰਥਣਾਂ ਲਈ ਵਿਸ਼ੇਸ਼ ਟ੍ਰੇਨਿੰਗ ਸੈਂਟਰ ਸ਼ੁਰੂ ਕੀਤਾ ਗਿਆ ਹੈ। ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਇੰਟਰਨੈਸ਼ਨਲ, ਸਕਿੱਲ ਇੰਡੀਆ ਇੰਟਰਨੈਸ਼ਨਲ ਮਿਸ਼ਨ ਭਾਰਤ ਸਰਕਾਰ ਦੇ ਸਲਾਹਕਾਰ ਡਾ. ਸੰਦੀਪ ਕੌੜਾ ਨੇ ਕਿਹਾ ਕਿ ਨਰਸਿੰਗ ਵਿਦਿਆਰਥਣਾਂ ਨੂੰ ਹੁਣ ਵਿਦੇਸ਼ੀ ਧਰਤੀ ਤੇ ਰੁਲਣ ਨਹੀਂ ਦਿੱਤਾ ਜਾਵੇਗਾ ਸਗੋਂ ਉਨ੍ਹਾਂ ਨੂੰ ਭਾਰਤ ਸਰਕਾਰ ਦੇ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਮਾਹਿਰ ਡਾਕਟਰਾਂ ਵੱਲੋਂ ਲੜਕੀਆਂ ਨੂੰ ਮੁਫ਼ਤ ਟ੍ਰੇਨਿੰਗ ਦੇਣ ਦੇ ਨਾਲ-ਨਾਲ ਵਰਕ ਪਰਮਿਟ ਮੁਹੱਈਆ ਕਰਵਾ ਕੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਦੇਸ਼ੀ ਧਰਤੀ ’ਤੇ ਮੁਫ਼ਤ ਭੇਜਿਆ ਜਾਵੇਗਾ।
ਪਹਿਲੇ ਕੌਮਾਂਤਰੀ ਸਕਿੱਲ ਸੈਂਟਰ ਦੀ ਸ਼ੁਰੂਆਤ ਕਰਨ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲਾ ਬੈਚ ਹੈ ਜੋ ਵਿਦੇਸ਼ੀ ਧਰਤੀ ’ਤੇ ਵਰਕ ਪਰਮਿਟ ਦੇ ਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਦਾ 1 ਲੱਖ ਨਰਸਿੰਗ ਵਿਦਿਆਰਥੀਆਂ ਨੂੰ ਟ੍ਰੇਨਿੰਗ ਦੇ ਕੇ ਵੱਖ-ਵੱਖ ਦੇਸ਼ਾਂ ਵਿੱਚ ਭੇਜਣ ਦਾ ਟੀਚਾ ਹੈ।
ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਪਹਿਲੇ ਬੈਚ ਵਿੱਚ ਟ੍ਰੇਨਿੰਗ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਨੂੰ ਇਹ ਟ੍ਰੇਨਿੰਗ ਉਪਰੰਤ ਵਿਦੇਸ਼ਾਂ ਵਿੱਚ ਵਰਕ ਪਰਮਿਟ ’ਤੇ ਜਾਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਸੈਂਟਰ ਤੋਂ ਟ੍ਰੇਨਿੰਗ ਲੈਣ ਵਾਲੀਆਂ ਲੜਕੀਆਂ ਨੂੰ ਹੁਣ ਕਿਸੇ ਏਜੰਟ ਦੇ ਧੋਖੇ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਉਨ੍ਹਾਂ ਨੂੰ ਭਾਰੀ ਰਕਮ ਖ਼ਰਚ ਕਰਨੀ ਪਵੇਗੀ।