ਹੋਮੀ ਭਾਬਾ ਕੈਂਸਰ ਹਸਪਤਾਲ ’ਚ ਆਈਪੀਡੀ ਸੇਵਾਵਾਂ ਦੀ ਸ਼ੁਰੂਆਤ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 6 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਊ ਚੰਡੀਗੜ੍ਹ ਵਿੱਚ ਸਥਿਤ ਹੋਮੀ ਭਾਬਾ ਮੈਮੋਰੀਅਲ ਕੈਂਸਰ ਹਸਪਤਾਲ ਵਿੱਚ ਆਈਪੀਡੀ ਸੇਵਾਵਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਚੌਥੀ ਮੰਜ਼ਲ ’ਤੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ੳੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਸੂਬੇ ਦੇ ਪਿੰਡਾਂ ਵਿੱਚ ਕੈਂਸਰ ਪੀੜਤ ਮਰੀਜ਼ਾਂ ਦੀ ਬਿਮਾਰੀ ਦੀ ਮੁੱਢਲੀ ਸਟੇਜ ’ਤੇ ਹੀ ਪਛਾਣ ਕਰਨ ਲਈ ਮੋਬਾਈਲ ਵੈਨਾਂ ਸ਼ੁਰੂ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਲੋਕ ਇਸ ਖ਼ਤਰਨਾਕ ਬਿਮਾਰੀ ਦੀ ਜਾਂਚ ਕਰਵਾਉਣ ਵਿੱਚ ਝਿਜਕ ਤੇ ਡਰ ਮਹਿਸੂਸ ਕਰਦੇ ਹਨ ਪਰ ਸੂਬਾ ਸਰਕਾਰ ਕੈਂਸਰ ਜਾਂਚ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਪੰਜਾਬ ਵਿੱਚ ਹੈਪੇਟਾਈਟਸ-ਸੀ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਾਗਰੂਕਤਾ ਵੈਨਾਂ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ‘ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਇੱਕ ਸਿਹਤਮੰਦ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਵਿੱਚ ਸਹਾਈ ਸਿੱਧ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਲੋਕਾਂ ਨੂੰ ਮਿਆਰੀ ਡਾਕਟਰੀ ਇਲਾਜ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਭਰ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਿਤ ਕਰਨ ਜਾ ਰਹੀ ਹੈ। ਸੰਗਰੂਰ ਅਤੇ ਨਿਊ ਚੰਡੀਗੜ੍ਹ ਵਿੱਚ ਟਾਟਾ ਮੈਮੋਰੀਅਲ ਹਸਪਤਾਲ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇ ਰਿਹਾ ਹੈ, ਜੋ ਸੂਬੇ ਲਈ ਵਰਦਾਨ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚੋਂ ਕੈਂਸਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਤਹਿਤ 52 ਏਕੜ ਜ਼ਮੀਨ ਹਸਪਤਾਲ ਨੂੰ ਮੁਫ਼ਤ ਦਿੱਤੀ ਗਈ ਹੈ।
ਸਰਕਾਰ ਹਸਪਤਾਲ ਦੀ ਸਾਂਭ-ਸੰਭਾਲ ਲਈ ਗਰਾਂਟ ਵਿੱਚ ਸਾਲਾਨਾ 2 ਕਰੋੜ ਦਾ ਯੋਗਦਾਨ ਪਾਉਂਦੀ ਹੈ। ਅੱਜ ਇਹ ਇਤਿਹਾਸਕ ਦਿਨ ਹੈ ਕਿਉਂਕਿ ਸਰਕਾਰ ਵੱਲੋਂ ਟਾਟਾ ਮੈਮੋਰੀਅਲ ਕੇਂਦਰ ਨਾਲ ਤਿੰਨ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਰੇਡੀਓਲੋਜੀ, ਲੈਬ ਟੈਕਨਾਲੋਜੀ, ਓਟੀ ਅਤੇ ਹੋਰ ਖੇਤਰਾਂ ਵਿੱਚ ਥੋੜ੍ਹੇ ਸਮੇਂ ਦੀ ਪ੍ਰੈਕਟੀਕਲ ਟਰੇਨਿੰਗ ਲਈ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਨਾਲ ਇੱਕ ਹੋਰ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਟਾਟਾ ਮੈਮੋਰੀਅਲ ਬਾਰੇ ਇੱਕ ਕਿਤਾਬ ਵੀ ਜਾਰੀ ਕੀਤੀ।