ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਸੱਦਾ ਪੱਤਰ
ਪੱਤਰ ਪ੍ਰੇਰਕ
ਅੰਮ੍ਰਿਤਸਰ, 12 ਅਕਤੂਬਰ
ਗੁਰੂ ਰਾਮਦਾਸ ਦੇ 19 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਸਬੰਧੀ ਅੱਜ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ-ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀ ਵਾਲੇ, ਬਾਬਾ ਡਾ. ਧਰਮਜੀਤ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।
ਸ੍ਰੀ ਮਹਿਤਾ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਮੁਬਾਰਕਬਾਦ ਦਿੱਤੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪ੍ਰੇਰਨਾ ਕੀਤੀ ਕਿ ਇਸ ਮਹਾਨ ਗੁਰਪੁਰਬ ਮੌਕੇ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਇਸ ਮੌਕੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਯੋਗਦਾਨ ਪਾਈਏ। ਉਨ੍ਹਾਂ ਦੁਕਾਨਦਾਰਾਂ ਨੂੰ ਆਪੋ ਆਪਣੀਆਂ ਦੁਕਾਨਾਂ ਦੀ ਸਜਾਵਟ ਕਰਨ ਅਤੇ ਸਾਫ਼-ਸਫ਼ਾਈ ਦਾ ਖ਼ਾਸ ਖ਼ਿਆਲ ਰੱਖਣ ਦੀ ਅਪੀਲ ਕੀਤੀ।