ਈਸ਼ਾ ਫਾਊਂਡੇਸ਼ਨ ਵਿਵਾਦ: ਸੁਪਰੀਮ ਕੋਰਟ ਨੇ ਪੁਲੀਸ ਜਾਂਚ ’ਤੇ ਰੋਕ ਲਾਈ
ਨਵੀਂ ਦਿੱਲੀ, 3 ਅਕਤੂਬਰ
ਸੁਪਰੀਮ ਕੋਰਟ ਨੇ ਧਾਰਮਿਕ ਆਗੂ ਜੱਗੀ ਵਾਸੂਦੇਵ ਦੇ ਤਾਮਿਲਨਾਡੂ ਦੇ ਕੋਇੰਬਟੂਰ ਸਥਿਤ ਈਸ਼ਾ ਫਾਊਂਡੇਸ਼ਨ ਆਸ਼ਰਮ ’ਚ ਦੋ ਔਰਤਾਂ ਨੂੰ ਕਥਿਤ ਤੌਰ ’ਤੇ ਬੰਦੀ ਬਣਾਉਣ ਦੇ ਮਾਮਲੇ ’ਚ ਪੁਲੀਸ ਜਾਂਚ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਵਿੱਚ ਇੱਕ ਵਿਅਕਤੀ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ ਨੂੰ ਆਪਣੇ ਕੋਲ ਤਬਦੀਲ ਕਰਦਿਆਂ ਇਹ ਹੁਕਮ ਸੁਣਾਏ। ਇਸ ਵਿਅਕਤੀ ਨੇ ਦੋਸ਼ ਲਗਾਇਆ ਸੀ ਕਿ ਉਸ ਦੀਆਂ ਦੋ ਧੀਆਂ ਨੂੰ ਈਸ਼ਾ ਫਾਊਂਡੇਸ਼ਨ ਦੇ ਆਸ਼ਰਮ ਵਿੱਚ ਬੰਦੀ ਬਣਾ ਕੇ ਰੱਖਿਆ ਗਿਆ ਹੈ। ਬੈਂਚ ਵੱਲੋਂ ਮਾਮਲੇ ’ਤੇ 18 ਅਕਤੂਬਰ ਨੂੰ ਅੱਗੇ ਸੁਣਵਾਈ ਕੀਤੀ ਜਾਵੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਬੈਂਚ ਨੇ ਤਾਮਿਲਨਾਡੂ ਪੁਲੀਸ ਨੂੰ ਨਿਰਦੇਸ਼ ਦਿੱਤੇ ਕਿ ਉਹ ਮਦਰਾਸ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਅਗਲੇਰੀ ਕਾਰਵਾਈ ਨਾ ਕਰੇ। ਬੈਂਚ ਨੇ ਕਿਹਾ, ‘ਤੁਸੀਂ ਕਿਸੇ ਸੰਸਥਾਨ ਅੰਦਰ ਇੰਝ ਫ਼ੌਜ ਜਾਂ ਪੁਲੀਸ ਨਹੀਂ ਭੇਜ ਸਕਦੇ।’ ਬੈਂਚ ਨੇ ਕਿਹਾ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਪੁਲੀਸ ਸਿਖਰਲੀ ਅਦਾਲਤ ਅੱਗੇ ਸਥਿਤੀ ਰਿਪੋਰਟ ਦਾਖ਼ਲ ਕਰੇ। ਈਸ਼ਾ ਫਾਊਂਡੇਸ਼ਨ ਨੇ ਮਦਰਾਸ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ। -ਪੀਟੀਆਈ