ਬਰਤਾਨਵੀ ਸੰਸਦੀ ਚੋਣਾਂ ’ਚ ਪੰਜਾਬੀਆਂ ਦਾ ਜਿੱਤਣਾ ਮਾਣ ਵਾਲੀ ਗੱਲ: ਧਾਮੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ
ਬਰਤਾਨੀਆ ਵਿੱਚ ਹੋਈਆਂ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਨਾਲ ਪੂਰੀ ਦੁਨੀਆਂ ਵਿੱਚ ਨਾਮਣਾ ਖੱਟਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਜ਼ਰੂਰ ਚਾਰਾਜੋਈ ਕਰਨਗੇ। ਇਸ ਤਰ੍ਹਾਂ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਜੇਤੂ ਮੈਂਬਰਾਂ ਨੂੰ ਵਧਾਈ ਦਿੱਤੀ ਹੈ।
ਚਾਰ ਦਸਤਾਰਧਾਰੀ ਸਿੱਖਾਂ ਦਾ ਸੰਸਦ ਮੈਂਬਰ ਬਣਨਾ ਮਾਣਮੱਤੀ ਪ੍ਰਾਪਤੀ: ਗਿਆਨੀ ਰਘਬੀਰ ਸਿੰਘ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀਆਂ ਸੰਸਦੀ ਚੋਣਾਂ ਵਿੱਚ ਪਹਿਲੀ ਵਾਰ ਚਾਰ ਦਸਤਾਰਧਾਰੀ ਸਿੱਖਾਂ ਅਤੇ ਸਿੱਖ ਪਰਿਵਾਰਾਂ ਨਾਲ ਸਬੰਧਤ ਪੰਜ ਬੀਬੀਆਂ ਦੇ ਸੰਸਦ ਮੈਂਬਰ ਬਣਨ ਨੂੰ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ ਵਿੱਚ ਪਹਿਲਾਂ ਵੀ ਸਿੱਖ ਸਿਵਲ, ਪ੍ਰਸ਼ਾਸਨਿਕ ਤੇ ਰਾਜਨੀਤਕ ਖੇਤਰ ਵਿੱਚ ਚੰਗਾ ਪ੍ਰਭਾਵ ਬਣਾ ਚੁੱਕੇ ਹਨ।