ਸ਼੍ਰੋਮਣੀ ਅਕਾਲੀ ਦਲ ਦਾ ਤਾਕਤਵਰ ਹੋਣਾ ਬੇਹੱਦ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 5 ਸਤੰਬਰ
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਕਾਲੀ ਦਲ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਦਲ ਦੀ ਚੜ੍ਹਦੀਕਲਾ ਲਈ ਤਿਆਗ ਦੀ ਭਾਵਨਾ ਦਿਖਾਉਣ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਘੱਟ ਗਿਣਤੀਆਂ ਨਿਸ਼ਾਨੇ ’ਤੇ ਹਨ ਅਤੇ ਖਾਸ ਤੌਰ ’ਤੇ ਸਿੱਖਾਂ ਨੂੰ ਗਿਣੀ ਮਿਥੀ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬੱਚਿਆਂ ਨੂੰ ਪ੍ਰੀਖ਼ਿਆਵਾਂ ਵਿੱਚ ਬੈਠਣ ਤੋਂ ਪਹਿਲਾਂ ਉਨ੍ਹਾਂ ਦੇ ਸ਼ਸਤਰ ਉਤਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਸਤਰ ਸਿੱਖਾਂ ਲਈ ਗਹਿਣੇ ਨਹੀਂ, ਸਗੋਂ ਧਾਰਮਿਕ ਚਿੰਨ੍ਹ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਵੀ ਸਿੱਖਾਂ ਖ਼ਿਲਾਫ਼ ਸਿਰਜੇ ਜਾ ਰਹੇ ਬਿਰਤਾਂਤ ਦਾ ਹੀ ਨਤੀਜਾ ਹੈ। ਉਨ੍ਹਾਂ ਇਸ ਫ਼ਿਲਮ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ। ਗਣਪਤੀ ਵਿਸਰਜਨ ਮੌਕੇ ਦੇਸ਼ ਦੇ ਇੱਕ ਸੂਬੇ ਵਿੱਚ ਹਰਿਮੰਦਰ ਸਾਹਿਬ ਦੇ ਬਣਾਏ ਗਏ ਮਾਡਲ ਬਾਰੇ ਉਨ੍ਹਾਂ ਕਿਹਾ ਕਿ ਸਿੱਖਾਂ ਲਈ ਨਕਲ ਕਦੇ ਵੀ ਬਰਦਾਸ਼ਤ ਨਹੀਂ ਹੋਵੇਗੀ।