ਪੰਜਾਬ ਦੇ ਭਵਿੱਖ ਲਈ ਬੱਚਿਆਂ ਦਾ ਤੰਦਰੁਸਤ ਹੋਣਾ ਜ਼ਰੂਰੀ: ਡਾ. ਬਲਬੀਰ
ਡਾ. ਹਿਮਾਂਸ਼ੂ ਸੂਦ
ਫਤਹਿਗੜ੍ਹ ਸਾਹਿਬ, 5 ਫਰਵਰੀ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਬੱਚਿਆਂ ਵਿਚ ਕੁਪੋਸ਼ਣ ਅਤੇ ਅਨੀਮੀਆ ਹੋਣ ਦਾ ਵੱਡਾ ਕਾਰਨ ਪੇਟ ਦੇ ਕੀੜੇ ਹਨ। ਉਨ੍ਹਾਂ ਕਿਹਾ ਕਿ 40 ਫੀਸਦ ਬੱਚੇ ਪੇਟ ਦੇ ਕੀੜਿਆਂ ਦੀ ਬਿਮਾਰੀ ਤੋਂ ਪੀੜਤ ਹਨ। ਪੇਟ ਦੇ ਕੀੜਿਆਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਡੀ-ਵਾਰਮਿੰਗ ਮੁਹਿੰਮ ਚਲਾਈ ਗਈ ਹੈ। ਉਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿੱਚ ਡੀ-ਵਾਰਮਿੰਗ ਦਿਵਸ ਸਬੰਧੀ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਸਿਹਤ ਮੰਤਰੀ ਨੇ ਪੇਟ ਦੇ ਕੀੜਿਆਂ ਨੂੰ ਖ਼ਤਮ ਕਰਨ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣ ਅਤੇ ਸਾਡੇ ਭਵਿੱਖ ਲਈ ਬੱਚਿਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਸਰਕਾਰ ਵੱਲੋਂ ਆਰਬੀਐੱਸਕੇ ਪ੍ਰੋਗਰਾਮ ਤਹਿਤ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੀ ਲਗਾਤਾਰ ਸਿਹਤ ਜਾਂਚ, ਬਿਮਾਰੀਆਂ ਤੋਂ ਪੀੜਤ ਬੱਚਿਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਕਮਜ਼ੋਰ ਨਜ਼ਰ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਜਾਂਦੀਆਂ ਹਨ। ਸਮਾਗਮ ਵਿਚ ਡਾਇਰੈਕਟਰ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਸਹਾਇਕ ਡਾਇਰੈਕਟਰ ਡਾ. ਜਸਕਿਰਨਦੀਪ ਕੌਰ, ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਤੋਂ ਡਾ. ਸੁਨੇਹਾ, ਸਿਹਤ ਮੰਤਰੀ ਦੇ ਓਐੱਸਡੀ ਕਰਨਲ ਜੇ.ਬੀ. ਸਿੰਘ, ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦੀਪ ਸਿੰਘ ਤੇ ਦੀਦਾਰ ਸਿੰਘ ਮਾਂਗਟ, ਪ੍ਰਿੰਸੀਪਲ ਰਵਿੰਦਰ ਕੁਮਾਰ ਅਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਹਾਜ਼ਰ ਸਨ। ਉਨ੍ਹਾਂ ਸਿਵਲ ਹਸਪਤਾਲ ਦੀ ਚੈਕਿੰਗ ਕੀਤੀ ਅਤੇ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ।