ਸੰਵਿਧਾਨ ਤੇ ਲੋਕਤੰਤਰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜ਼ਰੂਰੀ: ਅਰਵਿੰਦ ਕੇਜਰੀਵਾਲ
ਹਰਪ੍ਰੀਤ ਕੌਰ/ਸ਼ਗਨ ਕਟਾਰੀਆ
ਹੁਸ਼ਿਆਰਪੁਰ/ਬਠਿੰਡਾ, 26 ਮਈ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਹੁਸ਼ਿਆਰਪੁਰ ਵਿੱਚ ਪਾਰਟੀ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਬਠਿੰਡਾ ਵਿੱਚ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਰੋਡ ਸ਼ੋਅ ਕੀਤੇ। ਹੁਸ਼ਿਆਰਪੁਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਤੇ ਲੋਕਤੰਤਰ ਬਚਾਉਣ ਲਈ ‘ਤਾਨਾਸ਼ਾਹੀ’ ਭਾਜਪਾ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ, ‘‘ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੜਕਾਂ ’ਤੇ ਲੋਹੇ ਦੇ ਕਿੱਲ ਲਗਵਾ ਕੇ ਤੁਹਾਨੂੰ ਦਿੱਲੀ ਨਹੀਂ ਜਾਣ ਦਿੱਤਾ ਸੀ ਉਸੇ ਤਰ੍ਹਾਂ ਤੁਸੀਂ ਵੀ ਮੋਦੀ ਨੂੰ ਦਿੱਲੀ ਦੀ ਸੱਤਾ ਤੋਂ ਬਾਹਰ ਕਰ ਦਿਓ।’’ ਉਨ੍ਹਾਂ ਕਿਹਾ ਕਿ ਇਹ ਚੁੱਪ ਬੈਠਣ ਦਾ ਨਹੀਂ ਬਲਕਿ ਬਦਲਾ ਲੈਣ ਦਾ ਸਮਾਂ ਹੈ। ਭਾਜਪਾ ਆਗੂ ਇੰਨੇ ਜ਼ਿਆਦਾ ਹੰਕਾਰੀ ਹੋ ਚੁੱਕੇ ਹਨ ਕਿ ਉਹ ਮੋਦੀ ਦੀ ਤੁਲਨਾ ਭਗਵਾਨ ਨਾਲ ਕਰਨ ਲੱਗ ਪਏ ਹਨ। ਇਹ ਲੋਕ ਮੋਦੀ ਨੂੰ ਭਗਵਾਨ ਦਾ ਅਵਤਾਰ ਮੰਨਣ ਲੱਗ ਗਏ ਹਨ ਅਤੇ ਆਉਂਦੇ ਦਿਨਾਂ ਵਿੱਚ ਇਹ ਮੰਦਰਾਂ ’ਚੋਂ ਭਗਵਾਨ ਦੀਆਂ ਮੂਰਤੀਆਂ ਲਾਹ ਕੇ ਮੋਦੀ ਦੀਆਂ ਮੂਰਤੀਆਂ ਲਗਾ ਦੇਣਗੇ।
ਉਨ੍ਹਾਂ ਕਿਹਾ ਕਿ ਭਾਜਪਾ 400 ਸੀਟਾਂ ਇਸ ਲਈ ਚਾਹੁੰਦੀ ਹੈ ਤਾਂ ਕਿ ਉਹ ਸੰਵਿਧਾਨ ਬਦਲ ਸਕੇ ਅਤੇ ਰਾਖਵਾਂਕਰਨ ਬੰਦ ਕਰ ਸਕੇ। ਉਨ੍ਹਾਂ ਕਿਹਾ ਕਿ ਉਹ ਆਪਣੇ ਜਿਊਂਦੇ ਜੀਅ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ 8500 ਕਰੋੜ ਰੁਪਏ ਦੇ ਫੰਡ ਰੋਕੇ ਹੋਏ ਹਨ। ਜੇ ‘ਆਪ’ ਦੇ ਮੈਂਬਰ ਜਿੱਤ ਕੇ ਸੰਸਦ ਵਿਚ ਜਾਂਦੇ ਹਨ ਤਾਂ ਪੰਜਾਬ ਨਾਲ ਵਿਤਕਰਾ ਕਰਨ ਦੀ ਕੇਂਦਰ ਦੀ ਹਿੰਮਤ ਨਹੀਂ ਪਵੇਗੀ। ਕੇਜਰੀਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਜਦੋਂ ਉਨ੍ਹਾਂ ਕਿਹਾ ਸੀ ਕਿ ਬਿਜਲੀ ਦੇ ਬਿੱਲ ਜ਼ੀਰੋ ਕਰ ਦਿੱਤੇ ਜਾਣਗੇ ਤਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਹੋਇਆ ਸੀ ਪਰ ‘ਆਪ’ ਦੀ ਸਰਕਾਰ ਨੇ ਕਰ ਦਿਖਾਇਆ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਸਿਰਫ ਪੰਜਾਬ ਵਿਚ ਹੀ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ਼ ਹਨ। ਇਸੇ ਤਰ੍ਹਾਂ ਲੋਕ ਸਭਾ ਹਲਕਾ ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ ਲਈ ਕੰਮ ਕਰਨ ਦੀ ਜਗ੍ਹਾ ਵਿਰੋਧੀਆਂ ਦੀ ਜ਼ੁਬਾਨਬੰਦੀ ਵਾਲਾ ਰਾਹ ਫੜਿਆ ਹੋਇਆ ਹੈ। ਭਾਜਪਾ ਹਕੂਮਤ ਦੀਆਂ ਨੀਤੀਆਂ ’ਤੇ ਉਂਗਲ ਧਰਨ ਵਾਲੇ ਬੁੱਧੀਜੀਵੀਆਂ, ਪੱਤਰਕਾਰਾਂ, ਲੇਖਕਾਂ ਅਤੇ ਸਿਆਸਤਦਾਨਾਂ ਨੂੰ ਜਬਰ ਦਾ ਨਿਸ਼ਾਨਾ ਬਣਾਇਆ ਜਾਂਦਾ ਹੈ। ਦਿੱਲੀ ’ਚ ਇਮਾਨਦਾਰੀ ਨਾਲ ਕੰਮ ਕਰ ਰਹੀ ‘ਆਪ’ ਸਰਕਾਰ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੀ ਸੀ, ਇਸੇ ਲਈ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਉਹ ਜੇਲ੍ਹਾਂ ਤੋਂ ਨਹੀਂ ਡਰਦੇ ਅਤੇ ਸਦਾ ਸੱਚ ’ਤੇ ਪਹਿਰਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ‘ਆਪ’ ਸਰਕਾਰ ਨੂੰ ਮੋਦੀ ਹਕੂਮਤ ਵੱਲੋਂ ਜਾਣ ਬੁੱਝ ਕੇ ਨਿਸ਼ਾਨਾ ਬਣਾਉਂਦਿਆਂ ਤੰਗ ਕੀਤਾ ਜਾ ਰਿਹਾ ਹੈ।
ਅਕਾਲੀ ਦਲ ਤੇ ਕਾਂਗਰਸ ਨੇ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਬਰਬਾਦ ਕੀਤੀਆਂ: ਮਾਨ
ਮਮਦੋਟ (ਜਸਵੰਤ ਸਿੰਘ ਥਿੰਦ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਹੈ ਪਰ ਉਹ ਵਿਕਾਸ ਦੇ ਨਾਮ ’ਤੇ ਵੋਟਾਂ ਮੰਗਣ ਆਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ। ਹੁਣ ਇਨ੍ਹਾਂ ਪਾਰਟੀਆਂ ਕੋਲੋਂ ਹਿਸਾਬ ਮੰਗਣ ਦਾ ਸਮਾਂ ਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਤੇ ਸੁਖਪਾਲ ਸਿੰਘ ਨੰਨੂ ਵੀ ਹਾਜ਼ਰ ਸਨ।