For the best experience, open
https://m.punjabitribuneonline.com
on your mobile browser.
Advertisement

ਪੰਜਾਬ ਭਰ ’ਚ ਮੀਂਹ ਪਿਆ, ਤਾਪਮਾਨ 6.4 ਡਿਗਰੀ ਸੈਲਸੀਅਸ ਡਿੱਗਿਆ

08:19 AM Jul 05, 2024 IST
ਪੰਜਾਬ ਭਰ ’ਚ ਮੀਂਹ ਪਿਆ  ਤਾਪਮਾਨ 6 4 ਡਿਗਰੀ ਸੈਲਸੀਅਸ ਡਿੱਗਿਆ
ਜਲੰਧਰ ਹਾਈਵੇਅ ’ਤੇ ਮੀਂਹ ਮਗਰੋਂ ਪਾਣੀ ਵਿੱਚੋਂ ਲੰਘਦੇ ਹੋਏ ਵਾਹਨ।-ਫੋਟੋ: ਸਰਬਜੀਤ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 4 ਜੁਲਾਈ
ਪੰਜਾਬ ਭਰ ਵਿੱਚ ਤਿੰਨ ਦਿਨ ਮਗਰੋਂ ਮੌਨਸੂਨ ਦਾ ਮੀਂਹ ਪੈ ਗਿਆ ਹੈ, ਜਿਸ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਮੀਂਹ ਪੈਣ ਕਰਕੇ ਸੂਬੇ ਵਿੱਚ ਤਾਪਮਾਨ ਵੀ 6.4 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ। ਅੱਜ ਇੱਥੇ ਵਧੇਰੇ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ ਸੂਬੇ ਵਿੱਚ ਕਈ ਥਾਵਾਂ ’ਤੇ 5 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦੋਂਕਿ 6 ਤੇ 7 ਜੁਲਾਈ ਨੂੰ ਵੀ ਮੀਂਹ ਪਵੇਗਾ। ਇਸ ਮੀਂਹ ਕਰਕੇ ਤਾਪਮਾਨ ਵਿੱਚ 1 ਤੋਂ 2 ਡਿਗਰੀ ਸੈਲਸੀਅਸ ਤੱਕ ਦੀ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੇ ਜ਼ਿਆਦਾਤਰ ਸ਼ਹਿਰਾਂ ਵਿੱਚ ਲੰਘੀ ਰਾਤ ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚੱਲਣ ਮਗਰੋਂ ਮੀਂਹ ਪਿਆ। ਮੀਂਹ ਕਰਕੇ ਅੱਜ ਸਾਰਾ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਰਹੀ। ਮੌਸਮ ਵਿਭਾਗ ਅਨੁਸਾਰ 24 ਘੰਟਿਆਂ ਵਿੱਚ ਚੰਡੀਗੜ੍ਹ ਵਿੱਚ 8.5 ਐੱਮਐੱਮ, ਅੰਮ੍ਰਿਤਸਰ ਵਿੱਚ 5.4, ਲੁਧਿਆਣਾ ਵਿੱਚ 47.5, ਪਟਿਆਲਾ ਵਿੱਚ 1.2 , ਫਰੀਦਕੋਟ ਵਿੱਚ 3.2, ਗੁਰਦਾਸਪੁਰ ਵਿੱਚ 31.4, ਨਵਾਂਸ਼ਹਿਰ ਵਿੱਚ 33.1, ਬਰਨਾਲਾ ਵਿੱਚ 66, ਫਿਰੋਜ਼ਪੁਰ ਵਿੱਚ 1.5, ਮੁਹਾਲੀ ਵਿੱਚ 24, ਰੋਪੜ ਵਿੱਚ 18 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਵਿੱਚ ਵੀ ਹਲਕਾ ਮੀਂਹ ਪਿਆ।
ਮੀਂਹ ਕਾਰਨ ਕਿਸਾਨਾਂ ਤੇ ਪਾਵਰਕੌਮ ਦੇ ਅਧਿਕਾਰੀਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਸੂਬੇ ਵਿੱਚ ਵਧੇਰੇ ਕਿਸਾਨਾਂ ਨੇ ਝੋਨੇ ਦੀ ਲੁਆਈ ਕਰ ਦਿੱਤੀ ਹੈ, ਜਦੋਂਕਿ ਰਹਿੰਦੇ ਕਿਸਾਨਾਂ ਵੱਲੋਂ ਝੋਨੇ ਦੀ ਲੁਆਈ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਬਜ਼ੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੇ ਚਿਹਰੇ ਵੀ ਖਿੜੇ ਹੋਏ ਹਨ। ਤਾਪਮਾਨ ਡਿੱਗਣ ਦੇ ਨਾਲ ਹੀ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਘਟ ਗਈ ਹੈ। ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 13,300 ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ।

Advertisement

ਮੁੱਖ ਸਕੱਤਰ ਵੱਲੋਂ ਡੀਸੀ’ਜ਼ ਨੂੰ ਹੜ੍ਹਾਂ ਸਬੰਧੀ ਤਿਆਰ ਰਹਿਣ ਦੇ ਨਿਰਦੇਸ਼

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮੌਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਪਗ ਡੇਢ ਗੁਣਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਨੇ ਸੰਵੇਦਨਸ਼ੀਲ ਥਾਵਾਂ ਦੀ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ ’ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਹੁਕਮ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀਐੱਸਪੀਸੀਐੱਲ ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ । ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਡੈਮਾਂ ਵਿੱਚ ਪਾਣੀ ਕਾਬੂ ਹੇਠ ਹੈ।

Advertisement
Author Image

sanam grng

View all posts

Advertisement
Advertisement
×