ਜਗਜੀਤ ਡੱਲੇਵਾਲ ਖਨੌਰੀ ਬਾਰਡਰ ’ਤੇ ਅੱਜ ਸ਼ੁਰੂ ਕਰਨਗੇ ਮਰਨ ਵਰਤ
* ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਮਰਨ ਵਰਤ ਜਾਰੀ ਰੱਖਣ ਦਾ ਐਲਾਨ
* ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਦਿੱਲੀ ਕੂਚ ਦੀਆਂ ਤਿਆਰੀਆਂ ਖਿੱਚੀਆਂ
ਆਤਿਸ਼ ਗੁਪਤਾ
ਚੰਡੀਗੜ੍ਹ, 25 ਨਵੰਬਰ
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਭਲਕੇ ਮੰਗਲਵਾਰ ਤੋਂ ਖਨੌਰੀ ਬਾਰਡਰ ’ਤੇ ਲੱਗੇ ਪੱਕੇ ਮੋਰਚੇ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਮਰਨ ਵਰਤ ਜਾਰੀ ਰਹੇਗਾ। ਉੱਧਰ ਕਿਸਾਨ ਆਗੂ ਦੀ ਹਮਾਇਤ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਖਨੌਰੀ ਬਾਰਡਰ ਵੱਲ ਚਾਲੇ ਪਾ ਦਿੱਤੇ ਹਨ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ ਪਿਛਲੇ ਸਾਢੇ ਨੌਂ ਮਹੀਨਿਆਂ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਦੋਵਾਂ ਜਥੇਬੰਦੀਆਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਦੋਵਾਂ ਮੋਰਚਿਆਂ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਲਾਮਬੰਦੀਆਂ ਕੀਤੀਆਂ ਜਾ ਰਹੀਆਂ ਹਨ।
ਪਿੰਡ ਮੈਂ ਜਾਵਾਂਗਾ ਜਾਂ ਮੇਰੀ ਲਾਸ਼ ਜਾਵੇਗੀ: ਡੱਲੇਵਾਲ
ਪਾਤੜਾਂ (ਗੁਰਨਾਮ ਸਿੰਘ ਚੌਹਾਨ):
ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਭਾਬੀ ਗੁਜਰਾਂ ਨੇੜੇ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਦੁਪਹਿਰ 12 ਵਜੇ ਤੋਂ ਬਾਅਦ ਢਾਬੀ ਗੁਜਰਾਂ ਬਾਰਡਰ ’ਤੇ ਮਰਨ ਵਰਤ ਸ਼ੁਰੂ ਕਰਨਗੇ। ਇੱਥੇ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾ ਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਾਦਤ ਮਗਰੋਂ ਉਨ੍ਹਾਂ ਦੀ ਮ੍ਰਿਤਕ ਦੇਹ ਸਰਕਾਰ ਵੱਲੋਂ ਲਿਖਤੀ ਰੂਪ ਵਿਚ ਮੰਨੀਆਂ ਮੰਗਾਂ ਲਾਗੂ ਕੀਤੇ ਜਾਣ ਤੱਕ ਬਾਰਡਰ ’ਤੇ ਹੀ ਰੱਖੀ ਜਾਵੇਗੀ।
ਡੱਲੇਵਾਲ ਨੇ ਜ਼ਮੀਨ ਵਾਰਸਾਂ ਦੇ ਨਾਮ ਕੀਤੀ
ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ):
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਗਾਂ ਮਨਵਾਉਣ ਲਈ ਭਲਕੇ 26 ਨਵੰਬਰ ਨੂੰ ਮਰਨ ਵਰਤ ’ਤੇ ਬੈਠਣ ਤੋਂ ਪਹਿਲਾਂ ਅੱਜ ਇੱਥੇ ਤਹਿਸੀਲਦਾਰ ਦਫ਼ਤਰ ਵਿੱਚ ਆਪਣੀ ਪਿੰਡ ਡੱਲੇਵਾਲ ਦੀ ਅੱਠ ਕਿੱਲੇ ਜ਼ਮੀਨ ਆਪਣੇ ਵਾਰਸਾਂ ਦੇ ਨਾਮ ਵਸੀਅਤ ਕਰਵਾ ਦਿੱਤੀ। ਕਿਸਾਨ ਆਗੂ ਨੇ 26 ਨਵੰਬਰ ਤੋਂ ਮਰਨ ਵਰਤ ’ਤੇ ਬੈਠਣ ਦਾ ਐਲਾਨ ਕੀਤਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਜ਼ਮੀਨ ਆਪਣੀ ਨੂੰਹ, ਲੜਕੇ ਅਤੇ ਪੋਤੇ ਦੇ ਨਾਮ ਕਰਵਾ ਦਿੱਤੀ ਹੈ। ਉਹ ਸਧਾਰਨ ਕਿਸਾਨ ਹਨ ਅਤੇ ਪਿੰਡ ਡੱਲੇਵਾਲ ਵਿੱਚ ਉਨ੍ਹਾਂ ਦੀ ਅੱਠ ਕਿੱਲੇ ਜ਼ਮੀਨ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਹੁਣ ਸਰਕਾਰ ਨਾਲ ਆਰ-ਪਾਰ ਦੀ ਲੜਾਈ ਹੈ ਅਤੇ ਇਸ ਤੋਂ ਪਹਿਲਾਂ ਉਹ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਹੋ ਗਏ ਹਨ ਅਤੇ ਵਿਰਾਸਤ ਵਿੱਚ ਮਿਲੀ ਅੱਠ ਕਿੱਲੇ ਜ਼ਮੀਨ ਦੀ ਵਸੀਅਤ ਆਪਣੇ ਵਾਰਸਾਂ ਦੇ ਨਾਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਸੀਅਤ ਵਿੱਚ ਲਿਖਿਆ ਗਿਆ ਹੈ ਕਿ ਉਸ ਦੀ ਜ਼ਿੰਦਗੀ ਸਮਾਪਤ ਹੋਣ ਮਗਰੋਂ ਵਿਰਾਸਤੀ ਜ਼ਮੀਨ ਦੇ ਹੱਕਦਾਰ ਉਸ ਦਾ ਲੜਕਾ, ਪੋਤਰਾ ਅਤੇ ਨੂੰਹ ਹੋਣਗੇ। ਪਰਿਵਾਰ ਦੇ ਨਾਮ ਵਸੀਅਤ ਕਰਵਾਉਣ ਮਗਰੋਂ ਜਗਜੀਤ ਡੱਲੇਵਾਲ ਸੰਘਰਸ਼ ਵਿੱਢਣ ਲਈ ਫਰੀਦਕੋਟ ਲਈ ਰਵਾਨਾ ਹੋ ਗਏ। ਡੱਲੇਵਾਲ ਪਿਛਲੇ 25 ਸਾਲ ਤੋਂ ਕਿਸਾਨਾਂ ਦੇ ਹਿੱਤਾਂ ਲਈ ਲੜਾਈ ਲੜ ਰਹੇ ਹਨ।