Jagjit Singh Dallewal Case:ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਹੱਤਕ ਪਟੀਸ਼ਨ ’ਤੇ ਸੁਣਵਾਈ ਅੱਜ
ਸੱਤਿਆ ਪ੍ਰਕਾਸ਼
ਨਵੀਂ ਦਿੱਲੀ, 14 ਜਨਵਰੀ
ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜਦੀ ਜਾ ਰਹੀ ਸਿਹਤ ਨੂੰ ਲੈ ਕੇ ਵੱਧ ਰਹੀਆਂ ਚਿੰਤਾਵਾਂ ਵਿਚਾਲੇ ਸੁਪਰੀਮ ਕੋਰਟ 15 ਜਨਵਰੀ ਨੂੰ ਪੁਲੀਸ ਵੱਲੋਂ ਲਗਾਏ ਗਏ ਬੈਰੀਕੇਡ ਹਟਾਉਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਹੱਤਕ ਪਟੀਸ਼ਨ ’ਤੇ ਸੁਣਵਾਈ ਕਰੇਗਾ। ਜਸਟਿਸ ਸੂਰਿਆਕਾਂਤ ਤੇ ਜਸਟਿਸ ਐੱਨ ਕੋਟੇਸ਼ਵਰ ਸਿੰਘ ਦਾ ਬੈਂਚ ਡੱਲੇਵਾਲ ਵੱਲੋਂ ਦਾਇਰ ਪਟੀਸ਼ਨ ’ਤੇ ਵੀ ਵਿਚਾਰ ਕਰੇਗਾ, ਜਿਸ ਵਿੱਚ ਖੇਤੀ ਕਾਨੂੰਨ ਰੱਦ ਕੀਤੇ ਜਾਣ ਮਗਰੋਂ ਫਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕਰਦਿਆਂ ਕੇਂਦਰ ਨੂੰ ਇਸ ਸਬੰਧੀ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਲੰਘੀ 6 ਜਨਵਰੀ ਨੂੰ ਮਾਮਲੇ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਸੀ, ਜਦੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਡੱਲੇਵਾਲ ਸੁਪਰੀਮ ਕੋਰਟ ਵੱਲੋਂ ਗਠਿਤ ਜਸਟਿਸ (ਸੇਵਾਮੁਕਤ) ਨਵਾਬ ਸਿੰਘ ਦੀ ਅਗਵਾਈ ਹੇਠਲੀ ਉੱਚ ਤਾਕਤੀ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਉਸ ਸਮੇਂ ਬੈਂਚ ਨੇ ਕੁਝ ਸਕਾਰਾਤਮਕ ਹੋਣ ਦੀ ਆਸ ਪ੍ਰਗਟਾਈ ਸੀ। ਸੁਪਰੀਮ ਕੋਰਟ ਇਸ ਗੱਲ ’ਤੇ ਹੈਰਾਨ ਹੈ ਕਿ ਕੇਂਦਰ ਇਹ ਕਿਉਂ ਨਹੀਂ ਕਹਿ ਸਕਦਾ ਕਿ ਉਸ ਦੇ ਦਰਵਾਜ਼ੇ ਖੁੱਲ੍ਹੇ ਹਨ ਅਤੇ ਉਹ ਫਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਜਾਇਜ਼ ਮੰਗਾਂ ’ਤੇ ਵਿਚਾਰ ਕਰੇਗਾ।