Jagjit Singh Dallewal: ਡੱਲੇਵਾਲ ਦੀ ਸਿਹਤ ਸਬੰਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ: ਸੁਪਰੀਮ ਕੋਰਟ
* ਸਰਬਉੱਚ ਅਦਾਲਤ ਮੁਤਾਬਕ ਡੱਲੇਵਾਲ ਨੂੰ ਧਰਨੇ ਵਾਲੀ ਥਾਂ ਨੇੜੇ ਆਰਜ਼ੀ ਹਸਪਤਾਲ ’ਚ ਕੀਤਾ ਜਾ ਸਕਦੈ ਤਬਦੀਲ
ਨਵੀਂ ਦਿੱਲੀ, 20 ਦਸੰਬਰ
ਸੁਪਰੀਮ ਕੋਰਟ ਨੇ 24 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ’ਚ ਦਾਖ਼ਲ ਕਰਵਾਉਣ ਸਬੰਧੀ ਫ਼ੈਸਲਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਡਾਕਟਰਾਂ ਉੱਤੇ ਛੱਡ ਦਿੱਤਾ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ-ਸੰਭਾਲ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ। ਬੈਂਚ ਨੇ ਡੱਲੇਵਾਲ ਦੀ ਮੈਡੀਕਲ ਹਾਲਤ ਬਾਰੇ ਪੰਜਾਬ ਦੇ ਮੁੱਖ ਸਕੱਤਰ ਅਤੇ ਸਿਹਤ ਅਧਿਕਾਰੀਆਂ ਤੋਂ 2 ਜਨਵਰੀ ਤੱਕ ਰਿਪੋਰਟਾਂ ਮੰਗਦਿਆਂ ਕਿਹਾ ਕਿ ਲੋੜ ਪੈਣ ਉੱਤੇ ਸੂਬਾ ਸਰਕਾਰ ਉਨ੍ਹਾਂ ਕੋਲ ਪਹੁੰਚ ਕਰ ਸਕਦੀ ਹੈ। ਬੈਂਚ ਨੇ ਕਿਹਾ ਕਿ 70 ਸਾਲਾ ਡੱਲੇਵਾਲ ਨੂੰ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਖਨੌਰੀ ਉੱਤੇ ਧਰਨੇ ਵਾਲੀ ਥਾਂ ਤੋਂ 700 ਮੀਟਰ ਦੇ ਘੇਰੇ ਵਿਚ ਬਣੇ ਆਰਜ਼ੀ ਹਸਪਤਾਲ ਵਿਚ ਤਬਦੀਲ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਸਾਨ ਆਗੂ ਦੀ ਮੈਡੀਕਲ ਹਾਲਤ ਬਾਰੇ ਮੁੱਖ ਸਕੱਤਰ ਦਾ ਹਲਫ਼ਨਾਮਾ ਅਦਾਲਤ ਨੂੰ ਸੌਂਪਿਆ ਅਤੇ ਕਿਹਾ ਕਿ ਕਿਸਾਨ ਆਗੂ ਨੂੰ ਧਰਨੇ ਵਾਲੀ ਥਾਂ ਤੋਂ ਜਬਰੀ ਚੁੱਕਣ ਨਾਲ ਸਦਮਾ ਲੱਗ ਸਕਦਾ ਹੈ ਅਤੇ ਹਾਲਾਤ ਵਿਗੜ ਸਕਦੇ ਹਨ। ਇਸ ’ਤੇ ਬੈਂਚ ਨੇ ਕਿਹਾ ਕਿ ਅਧਿਕਾਰੀ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਲਈ ਮਨਾਉਣ ਵਾਸਤੇ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਡੱਲੇਵਾਲ ਦੀ ਸਿਹਤ ਅਤੇ ਖਨੌਰੀ ਬਾਰਡਰ ਉੱਤੇ ਧਰਨੇ ਵਾਲੀ ਥਾਂ ਨੇੜੇ ਆਰਜ਼ੀ ਹਸਪਤਾਲ ਵਿਚ ਤਬਦੀਲ ਕਰਨ ਸਬੰਧੀ ਅੱਜ ਹੀ ਹਲਫ਼ਨਾਮਾ ਦਾਇਰ ਕਰੇ। ਐਡਵੋਕੇਟ ਜਨਰਲ ਨੇ ਬੈਂਚ ਨੂੰ ਦੱਸਿਆ ਕਿ ਕਿਸਾਨ ਆਗੂ ਵੱਲੋਂ ਈਸੀਜੀ ਤੇ ਬਲੱਡ ਟੈਸਟ ਸਣੇ ਹੋਰ ਕਈ ਟੈਸਟਾਂ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। -ਪੀਟੀਆਈ
ਡੱਲੇਵਾਲ ਨਾਲ ਗੱਲਬਾਤ ਕਰੇ ਸਰਕਾਰ: ਰਾਹੁਲ
ਨਵੀਂ ਦਿੱਲੀ:
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਉਂਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਕੇ ਮਰਨ ਵਰਤ ਖੁਲਵਾਏ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੀ ਮੰਨ ਲੈਣੀਆਂ ਚਾਹੀਦੀਆਂ ਹਨ। ਰਾਹੁਲ ਨੇ ‘ਐਕਸ’ ’ਤੇ ਇਹ ਵੀ ਕਿਹਾ ਕਿ ਜਾਇਜ਼ ਮੰਗਾਂ ਲਈ ਕਿਸਾਨਾਂ ਨੂੰ ਵਾਰ ਵਾਰ ਭੁੱਖ ਹੜਤਾਲ ਅਤੇ ਪ੍ਰਦਰਸ਼ਨ ਲਈ ਮਜਬੂਰ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ 700 ਤੋਂ ਵਧ ਕਿਸਾਨਾਂ ਦੀ ਸ਼ਹਾਦਤ ਦੇ ਬਾਵਜੂਦ ਵੀ ਸਰਕਾਰ ਜ਼ੁਲਮ ਢਾਹ ਰਹੀ ਹੈ। ਉਧਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਮਝਣਾ ਹੋਵੇਗਾ ਕਿ ਉਨ੍ਹਾਂ ਦੀਆਂ ‘ਕਿਸਾਨ ਵਿਰੋਧੀ ਨੀਤੀਆਂ, ਜ਼ਿਦ ਅਤੇ ਝੂਠੇ ਵਾਅਦਿਆਂ’ ਕਾਰਨ ਹੀ ਕਿਸਾਨ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ। -ਪੀਟੀਆਈ
ਐੱਮਐੱਸਪੀ ਦੀ ਗਾਰੰਟੀ ਲਈ ਆਖ਼ਰੀ ਸਾਹਾਂ ਤੱਕ ਲੜਾਂਗਾ: ਡੱਲੇਵਾਲ
ਪਾਤੜਾਂ (ਗੁਰਨਾਮ ਸਿੰਘ ਚੌਹਾਨ):
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 25ਵੇਂ ਦਿਨ ਵੀ ਜਾਰੀ ਰਿਹਾ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਅੱਜ ਉਹ ਕਿਸੇ ਨੂੰ ਵੀ ਨਹੀਂ ਮਿਲੇ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਆਖਰੀ ਮੰਜ਼ਿਲ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਜਾਂ ਮੌਤ ਹੈ। ਉਹ ਆਖਰੀ ਸਾਹਾਂ ਤੱਕ ਇਸ ਮਾਰਗ ’ਤੇ ਰਹਿਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਅੱਜ ਦੇਸ਼ ਭਰ ’ਚ ਸੰਕੇਤਕ ਭੁੱਖ ਹੜਤਾਲ ਕੀਤੀ ਗਈ ਅਤੇ ਖਨੌਰੀ ਬਾਰਡਰ ’ਤੇ ਵੀ ਹਰਿਆਣਾ ਦੇ 6 ਕਿਸਾਨ ਦੁਪਹਿਰ 12 ਵਜੇ ਤੋਂ ਭਲਕ ਦੁਪਹਿਰ 12 ਵਜੇ ਤੱਕ 24 ਘੰਟੇ ਦੀ ਭੁੱਖ ਹੜਤਾਲ ’ਤੇ ਬੈਠੇ ਹਨ। ਬੀਤੇ ਦਿਨ ਨਾਜ਼ੁਕ ਹਾਲਤ ’ਚ ਹੋਣ ਦੇ ਬਾਵਜੂਦ ਡੱਲੇਵਾਲ ਵੀਡੀਓ ਕਾਨਫਰੰਸ ਰਾਹੀਂ ਸੁਪਰੀਮ ਕੋਰਟ ਦੀ ਕਾਰਵਾਈ ਨਾਲ ਜੁੜੇ ਹੋਏ ਸਨ ਪਰ ਉਨ੍ਹਾਂ ਨੂੰ ਆਪਣੇ ਵਿਚਾਰ ਪੇਸ਼ ਕਰਨ ਲਈ ਸਮਾਂ ਨਹੀਂ ਦਿੱਤਾ ਗਿਆ। ਅੱਜ ਉਨ੍ਹਾਂ ਦੇ ਵਿਚਾਰ ਲਿਖਤੀ ਰੂਪ ਵਿੱਚ ਸੁਪਰੀਮ ਕੋਰਟ ਨੂੰ ਭੇਜੇ ਗਏ ਹਨ। ਚਿੱਠੀ ਵਿੱਚ ਉਨ੍ਹਾਂ ਸੁਪਰੀਮ ਕੋਰਟ ਨੂੰ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਬਣਾਉਣ ਸਬੰਧੀ ਕੇਂਦਰ ਸਰਕਾਰ ਨੂੰ ਹੁਕਮ ਦੇਣ ਦੀ ਮੰਗ ਕੀਤੀ ਹੈ।