ਜੈਤੋ ਮੋਰਚਾ: ਬੱਚਿਆਂ ਵੱਲੋਂ ਤੰਤੀ ਸਾਜ਼ਾਂ ਨਾਲ ਕੀਰਤਨ
ਸ਼ਗਨ ਕਟਾਰੀਆ
ਜੈਤੋ, 20 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਜੈਤੋ ਦੇ ਮੋਰਚੇ’ ਦੇ ਸ਼ਤਾਬਦੀ ਸਮਾਗਮ ਅੱਜ ਦੂਜੇ ਦਿਨ ਵੀ ਜਾਰੀ ਰਹੇ। ਅੱਜ ਦਾ ਸਮਾਗਮ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ।
ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚਲਦੇ ਗੁਰਮਤਿ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਪੁਰਾਤਨ ਕਲਾ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਕਵਿਤਾ, ਕਵੀਸ਼ਰੀ, ਢਾਡੀ ਵਾਰਾਂ ਅਤੇ ਭਾਸ਼ਣਾਂ ਰਾਹੀਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਬਿਆਨ ਕੀਤਾ।
ਇਸ ਮੌਕੇ ਜੈਤੋ ਮੋਰਚੇ ਦੇ ਇਤਿਹਾਸ ਨੂੰ ਦਰਸਾਉਂਦੇ ਚਿੱਤਰਾਂ ਦੀ ਪ੍ਰਦਰਸ਼ਨੀ ਲਾਈ ਗਈ। ਜੈਤੋ ਮੋਰਚੇ ਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀ ਸਹੂਲਤ ਲਈ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਨਵਤੇਜ ਸਿੰਘ ਕਾਉਣੀ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਇਤਿਹਾਸਕਾਰ ਹਰਵਿੰਦਰ ਸਿੰਘ ਖਾਲਸਾ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ ਮੌਜੂਦ ਸਨ। ਜੈਤੋ ਮੋਰਚੇ ਦੀ ਸ਼ਤਾਬਦੀ ਦਾ ਮੁੱਖ ਸਮਾਗਮ 21 ਫ਼ਰਵਰੀ ਨੂੰ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਜੈਤੋ ਵਿਚ ਸਵੇਰੇ 10 ਵਜੇ ਆਰੰਭ ਹੋਵੇਗਾ।
ਮੋਰਚੇ ਦੀ ਸ਼ਤਾਬਦੀ ਨੂੰ ਸਮਰਪਿਤ ਗਤਕਾ ਮੁਕਾਬਲੇ ਕਰਵਾਏ
ਜੈਤੋ ਮੋਰਚੇ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਨੈਸ਼ਨਲ ਗਤਕਾ ਮੁਕਾਬਲੇ ਵੀ ਕਰਵਾਏ ਗਏ। ਲੜਕਿਆਂ ਦੇ ਵਰਗ ਵਿਚ ਸ਼੍ਰੋਮਣੀ ਕਮੇਟੀ ਦੀ ਗਤਕਾ ਟੀਮ, ਹਰਿਆਣਾ, ਚੰਡੀਗੜ੍ਹ, ਜੰਮੂ ਅਤੇ ਪੰਜਾਬ ਦੀਆਂ ਟੀਮਾਂ ਵਿੱਚ ਮੁਕਾਬਲਾ ਹੋਇਆ। ਇਸੇ ਤਰ੍ਹਾਂ ਲੜਕੀਆਂ ਦੇ ਵਿਅਕਤੀਗਤ ਵਰਗ ਵਿੱਚ ਸ਼੍ਰੋਮਣੀ ਕਮੇਟੀ ਪੰਜਾਬ, ਹਰਿਆਣਾ ਅਤੇ ਜੰਮੂ ਦੀਆਂ ਟੀਮਾਂ ਵਿਚ ਮੁਕਾਬਲੇ ਹੋਏ।