ਜੈਤੋ ਮੋਰਚਾ: ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ
ਸ਼ਗਨ ਕਟਾਰੀਆ
ਜੈਤੋ, 18 ਫ਼ਰਵਰੀ
‘ਜੈਤੋ ਮੋਰਚੇ’ ਦੀ ਪਲੇਠੀ ਸ਼ਤਾਬਦੀ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਿਰਾਂ ਤੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਅੰਤਿਮ ਸਿਖ਼ਰਾਂ ਨੂੰ ਛੋਹ ਗਈਆਂ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭਾਈ ਮਹਿਤਾ ਨੇ ਕਿਹਾ ਕਿ 19 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਜੈਤੋ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਉਪਰੰਤ ਨਗਰ ਕੀਰਤਨ (ਸ਼ਹੀਦੀ ਮਾਰਚ) ਨਾਲ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚਦੀ ਹੁੰਦਾ ਹੋਇਆ, ਸਥਾਨਕ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਗੁਰਮਤਿ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਜਾਵੇਗਾ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਭਾਸ਼ਣ, ਕਵਿਤਾ ਅਤੇ ਕਵੀਸ਼ਰੀ ਰਾਹੀ ਇਤਿਹਾਸ ਸਰਵਣ ਕਰਵਾਉਣਗੇ। ਇਸੇ ਦਿਨ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ, ਜਿਸ ਵਿੱਚ ਅੰਮ੍ਰਿਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਹੀ ਗਤਕੇ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਰਾਤ ਨੂੰ ਜੈਤੋ ਮੋਰਚੇ ਦੇ ਇਤਿਹਾਸ ਨਾਲ ਸਬੰਧਤ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈ ਗਈ ਦਸਤਾਵੇਜ਼ੀ ਵੀ ਵਿਖਾਈ ਜਾਵੇਗੀ।
ਭਾਈ ਮਹਿਤਾ ਨੇ ਕਿਹਾ ਕਿ ਸ਼ਤਾਬਦੀ ਦਾ ਮੁੱਖ ਸਮਾਗਮ 21 ਫਰਵਰੀ ਨੂੰ ਗੁਰਦੁਆਰਾ ਟਿੱਬੀ ਸਾਹਿਬ ਨਜ਼ਦੀਕ ਸਜਾਏ ਗਏ ਪੰਡਾਲ ਵਿੱਚ ਹੋਵੇਗਾ ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਨਗੇ ਅਤੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਜਥੇਦਾਰ ਅਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸੰਗਤ ਨਾਲ ਵਿਚਾਰ ਸਾਂਝੇ ਕਰਨਗੀਆਂ।
ਉਨ੍ਹਾਂ ਕਿਹਾ ਕਿ ਜੈਤੋ ਮੋਰਚੇ ਵਿਚ ਹਿੱਸਾ ਲੈਣ ਵਾਲਿਆਂ ਦੇ ਪਰਿਵਾਰਾਂ ਨੂੰ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਇੰਚਾਰਜ ਕਰਤਾਰ ਸਿੰਘ ਮੈਨੇਜਰ, ਸੁਖਰਾਜ ਸਿੰਘ, ਲਖਵਿੰਦਰ ਸਿੰਘ ਰਸੀਵਰ ਗੁਰਦੁਆਰਾ ਗੁਰੂ ਕੀ ਢਾਬ, ਗੁਰਬਚਨ ਸਿੰਘ ਜੈਤੋ ਅਤੇ ਹੋਰ ਹਾਜ਼ਰ ਸਨ।