ਜਾਖੜ ਵੱਲੋਂ ਮੁੱਖ ਮੰਤਰੀ ’ਤੇ ਜਾਸੂਸੀ ਕਰਵਾਉਣ ਦੇ ਦੋਸ਼
ਆਤਿਸ਼ ਗੁਪਤਾ
ਚੰਡੀਗੜ੍ਹ, 10 ਅਪਰੈਲ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੱਜ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿਆਸੀ ਜਾਸੂਸੀ ਕਰਨ ਦਾ ਦੋਸ਼ ਲਗਾਇਆ। ਇਸ ਦੇ ਨਾਲ ਹੀ ਜਾਖੜ ਨੇ ਮੰਗ ਕੀਤੀ ਕਿ ਸੂਬੇ ਦੇ ਖੁਫ਼ੀਆ ਨੈੱਟਵਰਕ ਦੀ ਦੁਰਵਰਤੋਂ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਪੰਜਾਬ ਵਿਧਾਨ ਸਭਾ ਵਿੱਚ ਐਲਾਨ ਕੀਤਾ ਸੀ ਕਿ ਉਨ੍ਹਾਂ ਕੋਲ ਖੁਫੀਆ ਜਾਣਕਾਰੀ ਹੈ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਏਡੀਜੀਪੀ ਇੰਟੈਲੀਜੈਂਸ ਆਰ. ਕੇ. ਜੈਸਵਾਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੈਸਵਾਲ ਨੂੰ ਵੀ ਰਾਜਨੀਤਕ ਨਿਰਦੇਸ਼ਾਂ ਦੀ ਪਾਲਣਾ ਕਰਨ ਤੋਂ ਇਨਕਾਰ ਕਰਨ ਕਰਕੇ ਹਟਾ ਦਿੱਤਾ ਗਿਆ ਸੀ। ਜਾਖੜ ਨੇ ਪੱਤਰ ਵਿੱਚ ਰਾਜਪਾਲ ਤੋਂ ਖੁਫੀਆ ਜਾਣਕਾਰੀ ਦੀ ਦੁਰਵਰਤੋਂ ਅਤੇ ਏਡੀਜੀਪੀ ਨੂੰ ਹਟਾਉਣ ਦੀ ਉੱਚ-ਪੱਧਰੀ ਨਿਆਂਇਕ ਜਾਂ ਸੁਤੰਤਰ ਜਾਂਚ ਦਾ ਆਦੇਸ਼ ਦੇਣ ਦੀ ਅਪੀਲ ਕੀਤੀ। ਉਨ੍ਹਾਂ ਰਾਜਪਾਲ ਨੂੰ ਇਹ ਮਾਮਲਾ ਕੇਂਦਰ ਸਰਕਾਰ ਅਤੇ ਰਾਸ਼ਟਰੀ ਜਾਂਚ ਏਜੰਸੀਆਂ ਕੋਲ ਭੇਜਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦਾ ਇੱਕ ਸੰਵੇਦਨਸ਼ੀਲ ਸਰਹੱਦੀ ਰਾਜ ਹੋਣ ਕਾਰਨ ਇਹ ਸਿਰਫ਼ ਇੱਕ ਰਾਜ ਦਾ ਮੁੱਦਾ ਨਹੀਂ ਸਗੋਂ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ।