ਜਲੰਧਰ: ਪੰਚਾਇਤੀ ਚੋਣਾਂ ਲਈ 13,187 ਨਾਮਜ਼ਦਗੀਆਂ ਦਾਖ਼ਲ
ਜਲੰਧਰ (ਪਾਲ ਸਿੰਘ ਨੌਲੀ): ਪੰਚਾਇਤੀ ਚੋਣ ਲਈ ਕੁੱਲ 13,187 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਇਨ੍ਹਾਂ ਵਿੱਚ ਸਰਪੰਚ ਦੀ ਚੋਣ ਵਾਸਤੇ 3031 ਨਾਮਜ਼ਦੀਆਂ ਦਾਖਲ ਕੀਤੀਆਂ ਗਈਆਂ ਹਨ। ਅੱਜ ਸਾਰਾ ਦਿਨ ਕਾਗਜ਼ਾਂ ਦੀ ਪੜਤਾਲ ਚੱਲਦੀ ਰਹੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਪੰਚਾਇਤੀ ਚੋਣਾਂ ਲਈ 15 ਅਕਤੂਬਰ ਨੂੰ ਜ਼ਿਲ੍ਹੇ ਦੇ 945 ਪਿੰਡਾਂ ਵਿੱਚੋਂ ਸਰਬਸਮੰਤੀਆਂ ਵਾਲੇ ਪਿੰਡਾਂ ਨੂੰ ਛੱਡ ਕੇ ਬਾਕੀ ਪਿੰਡਾਂ ਵਿੱਚ ਵੋਟਾਂ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਹੋਵੇਗਾ। ਨਜ਼ਮਦਗੀਆਂ ਦੀ ਅੱਜ ਪੜਤਾਲ ਦਾ ਕੰਮ ਜ਼ੋਰਾਂ ’ਤੇ ਰਿਹਾ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਕਰਵਾਉਣੀਆਂ ਅਤੇ ਕਾਗਜ਼ਾਂ ਦੀ ਪੜਤਾਲ ਕਰਨੀ ਵੱਡੀ ਚੁਣੌਤੀ ਬਣੀ ਰਹੀ। ਅਧਿਕਾਰੀਆਂ ਨੇ ਦੱਸਿਆ ਕਿ ਰਾਤ ਤੱਕ ਕਾਗਜ਼ਾਂ ਦੀ ਪੜਤਾਲ ਹੋ ਸਕੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 7 ਅਕਤੂਬਰ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਅਕਤੂਬਰ ਤੱਕ ਸਮੁੱਚੀ ਚੋਣ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਪੰਚਾਇਤੀ ਚੋਣਾਂ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਭਰੋਸਾ ਦੁਆਇਆ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਕਾਇਮ ਰੱਖਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਿਰਵਿਘਨ ਢੰਗ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ।