For the best experience, open
https://m.punjabitribuneonline.com
on your mobile browser.
Advertisement

ਜਲੰਧਰ ਪੁਲੀਸ ਵੱਲੋਂ 48 ਕਿਲੋ ਹੈਰੋਇਨ ਸਣੇ ਤਿੰਨ ਕਾਬੂ

08:39 AM Apr 30, 2024 IST
ਜਲੰਧਰ ਪੁਲੀਸ ਵੱਲੋਂ 48 ਕਿਲੋ ਹੈਰੋਇਨ ਸਣੇ ਤਿੰਨ ਕਾਬੂ
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ। -ਫੋਟੋ: ਮਲਕੀਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 29 ਅਪਰੈਲ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ, ਇਨੋਵਾ, ਐੱਕਸਯੂਵੀ ਤੇ ਵਰਨਾ ਗੱਡੀਆਂ ਸਮੇਤ ਨੋਟ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਪੁਲੀਸ ਕਮਿਸ਼ਨਰ ਨੇ ਇਸ ਨੂੰ ਸ਼ਹਿਰ ਵਿੱਚ ਕਮਿਸ਼ਨਰੇਟ ਪੁਲੀਸ ਵੱਲੋਂ ਬਰਾਮਦ ਕੀਤੀ ਗਈ ਨਸ਼ਿਆਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਨੇ ਇੱਕ ਇਤਲਾਹ ਦੇ ਆਧਾਰ ’ਤੇ ਸ਼ਹਿਰ ਵਿੱਚ ਚੈਕਿੰਗ ਕੀਤੀ। ਇਸ ਦੌਰਾਨ ਵਾਈ-ਪੁਆਇੰਟ ਭਗਤ ਸਿੰਘ ਕਾਲੋਨੀ ਬਾਈਪਾਸ ਨੇੜੇ ਜਦੋਂ ਇੱਕ ਇਨੋਵਾ (ਪੀਬੀ08 ਡੀਐੱਸ2958) ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਡਰਾਈਵਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਤੁਰੰਤ ਉਸ ਨੂੰ ਘੇਰ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ ’ਚੋਂ 8 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ (ਬੰਗਾ) ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ, ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨਾਲ ਨਸ਼ੇ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਨਕੋਦਰ-ਜਲੰਧਰ ਰੋਡ ਤੋਂ ਦੋਨਾਂ ਸ਼ੱਕੀਆਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕੋਲੋਂ ਵੀ 40 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਕੁਝ ਵਾਹਨ ਅਤੇ ਹੋਰ ਸਾਮਾਨ ਬਰਾਮਦ ਹੋਇਆ। ਪੁੱਛ-ਪੜਤਾਲ ਤੋਂ ਪਤਾ ਲੱਗਾ ਕਿ ਸਤਨਾਮ ਸਿੰਘ 2017 ਵਿੱਚ ਪਹਿਲਾਂ ਵੀ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਸ਼ਾਮਲ ਸੀ। ਪੁਲੀਸ ਨੇ ਇਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਦੇ ਨਾਲ-ਨਾਲ ਜੰਮੂ ਕਸ਼ਮੀਰ ਅਤੇ ਗੁਜਰਾਤ ਵਿੱਚ ਕਾਰਜਸ਼ੀਲ ਰਹੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

Advertisement

Advertisement
Author Image

Advertisement
Advertisement
×