ਸੀਵਰੇਜ ਓਵਰਫਲੋਅ ਦੀ ਸਮੱਸਿਆ ਨਾਲ ਜੂਝ ਰਹੇ ਨੇ ਜਲੰਧਰ ਵਾਸੀ
ਹਤਿੰਦਰ ਮਹਿਤਾ
ਜਲੰਧਰ, 28 ਅਕਤੂਬਰ
ਜਲੰਧਰ ਦੇ ਕਈ ਇਲਾਕੇ ਅਜਿਹੇ ਹਨ ਜਿੱਥੇ ਲੋਕ ਸੀਵਰੇਜ ਓਵਰਫਲੋਅ ਹੋਣ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸ ਸਮੱਸਿਆ ਦੇ ਹੱਲ ਲਈ ਕਈ ਵਾਰ ਲੋਕ ਨਗਰ ਨਿਗਮ ਖ਼ਿਲਾਫ਼ ਧਰਨਾ ਵੀ ਦੇ ਚੁੱਕੇ ਹਨ। ਸ਼ਹਿਰ ਵਾਸੀਆਂ ਨੇ ਕਿਹਾ ਕਿ ਇਹ 365 ਦਿਨਾਂ ਦੀ ਸਮੱਸਿਆ ਹੈ ਜਿਸ ਤੋਂ ਨਿਜਾਤ ਮਿਲਣ ਦੀ ਕੋਈ ਆਸ ਨਹੀਂ ਹੈ। ਗਾਂਧੀ ਨਗਰ ਇਲਾਕੇ ਦੀਆਂ ਕੁਝ ਗਲੀਆਂ ਵਿੱਚ ਤਾਂ ਇਲਾਕਾ ਵਾਸੀਆਂ ਨੇ ਏਧਰ-ਓਧਰ ਜਾਣ ਲਈ ਸੜਕ ’ਤੇ ਇੱਟਾਂ ਰੱਖ ਦਿੱਤੀਆਂ ਹਨ। ਸੜਕ ’ਤੇ ਸੀਵਰੇਜ ਦਾ ਪਾਣੀ ਓਵਰਫਲੋਅ ਹੋ ਰਿਹਾ ਹੈ। ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਕਿਹਾ ਕਿ ਦਕੋਹਾ ਵਿੱਚ ਵੀ ਸੀਵਰੇਜ ਓਵਰਫਲੋਅ ਦੀ ਵੱਡੀ ਸਮੱਸਿਆ ਹੈ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸੁਪਰ ਸਕਸ਼ਨ ਮਸ਼ੀਨਾਂ ਦੀ ਸਹੀ ਢੰਗ ਨਾਲ ਵਰਤੋਂ ਕਰਨੀ ਚਾਹੀਦੀ ਹੈ। ਸਥਿਤੀ ਗੰਭੀਰ ਹੈ। ਇਸ ਸਬੰਧੀ ਹਾਲ ਹੀ ਵਿੱਚ ਕਾਂਗਰਸੀ ਆਗੂਆਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ ਜਿਸ ਵਿੱਚ ਜਲੰਧਰ ਉੱਤਰੀ ਤੋਂ ਵਿਧਾਇਕ ਬਾਵਾ ਹੈਨਰੀ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਤੇ ਸਾਬਕਾ ਕੌਂਸਲਰ ਸ਼ੈਰੀ ਚੱਢਾ ਨੇ ਸ਼ਮੂਲੀਅਤ ਕੀਤੀ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਸੀਵਰੇਜ ਦੇ ਓਵਰਫਲੋਅ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਵਧੀਕ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਨੇ ਹਲਕਾ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਨਾਲ ਜੈਤੇਵਾਲ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਐਸਟੀਪੀ ਪੂਰੀ ਸਮਰੱਥਾ ਨਾਲ ਕੰਮ ਨਹੀਂ ਕਰ ਰਿਹਾ ਹੈ। ਧਰਨਿਆਂ, ਕੈਂਪਾਂ ਅਤੇ ਸ਼ਿਕਾਇਤਾਂ ਤੋਂ ਬਾਅਦ ਵੀ ਜ਼ਮੀਨੀ ਪੱਧਰ ’ਤੇ ਕੋਈ ਫਰਕ ਨਾ ਹੋਣ ਦੇ ਬਾਵਜੂਦ ਸਥਿਤੀ ਪਹਿਲਾਂ ਵਾਂਗ ਬਣੀ ਹੋਈ ਹੈ।