ਜਲੰਧਰ: ਮੁੱਖ ਮੰਤਰੀ ਦੀ ਘੁਰਕੀ ਮਗਰੋਂ ਸਬ ਰਜਿਸਟਰਾਰ ਡਿਊਟੀ ’ਤੇ ਪਰਤੇ
ਹਤਿੰਦਰ ਮਹਿਤਾ
ਜਲੰਧਰ, 4 ਮਾਰਚ
ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਜ਼ਿਲ੍ਹਾ ਜਲੰਧਰ ਦੇ ਸਬ-ਰਜਿਸਟਰਾਰਾਂ ਨੇ ਤਹਿਸੀਲਾਂ ਵਿੱਚ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਆਪਣੀ ਡਿਊਟੀ ਮੁੜ ਸ਼ੁਰੂ ਕਰ ਦਿੱਤੀ ਹੈ। ਇਸ ਦਾ ਉਦੇਸ਼ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਬਣਾਉਣਾ ਹੈ। ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਬ ਰਜਿਸਟਰਾਰ ਦਫ਼ਤਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮਾਲ ਅਫ਼ਸਰਾਂ ਦੀ ਆਪਣੀ ਡਿਊਟੀ ਮੁੜ ਜੁਆਇਨ ਕਰਨ ਦੀ ਸ਼ਲਾਘਾ ਕੀਤੀ ਅਤੇ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਅਧਿਕਾਰੀਆਂ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ਪੂਰੀ ਤਰ੍ਹਾਂ ਮੁੜ ਸ਼ੁਰੂ ਹੋ ਗਈਆਂ ਹਨ, ਜਿਸ ਨਾਲ ਹੁਣ ਲੋਕਾਂ ਨੂੰ ਬੇਲੋੜੀ ਦੇਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਸਬ ਰਜਿਸਟਰਾਰਾਂ ਨੂੰ ਮਾਲ ਅਫ਼ਸਰਾਂ ਦੀ ਹੜਤਾਲ ਕਾਰਨ ਪੈਦਾ ਹੋਏ ਬੈਕਲਾਗ ਨੂੰ ਦੂਰ ਕਰਨ ਲਈ ਤਹਿਸੀਲ ਦਫ਼ਤਰਾਂ ਵਿੱਚ ਵਾਧੂ ਸਮਾਂ ਦੇਣ ਦੀ ਹਦਾਇਤ ਵੀ ਕੀਤੀ।
ਸਰਕਾਰ ਦੀ ਲੋਕਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ, ਚੇਅਰਪਰਸਨ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਨਿਰਵਿਘਨ ਤੇ ਸੁਚਾਰੂ ਪ੍ਰਾਪਰਟੀ ਰਜਿਸਟ੍ਰੇਸ਼ਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।
ਉਨ੍ਹਾਂ ਲੋਕਾਂ ਨੂੰ ਰਜਿਸਟ੍ਰੇਸ਼ਨ ਸਬੰਧੀ ਬਿਨਾਂ ਕਿਸੇ ਝਿਜਕ ਦੇ ਆਪਣੇ ਤਹਿਸੀਲ ਦਫ਼ਤਰਾਂ ਵਿੱਚ ਪਹੁੰਚਣ ਦੀ ਅਪੀਲ ਕੀਤੀ।