ਜੰਮੂ ਕਸ਼ਮੀਰ: ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਅਤਿਵਾਦੀ ਹਲਾਕ
ਸ੍ਰੀਨਗਰ/ਰਾਜੌਰੀ/ਜੰਮੂ, 14 ਸਤੰਬਰ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਅੱਜ ਤਿੰਨ ਅਤਿਵਾਦੀ ਹਲਾਕ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਵਿੱਚ ਪੱਟਨ ਇਲਾਕੇ ਦੇ ਚੱਕ ਟੱਪਰ ਕ੍ਰੀਰੀ ਵਿੱਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਦੇਰ ਰਾਤ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਪੁਲੀਸ ਦੇ ਇਕ ਅਧਿਕਾਰੀ ਮੁਤਾਬਕ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਉਨ੍ਹਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਸੀ ਅਤੇ ਸਵੇਰੇ ਹੋਏ ਮੁਕਾਬਲੇ ਵਿੱਚ ਉਨ੍ਹਾਂ ਨੇ ਤਿੰਨ ਅਤਿਵਾਦੀਆਂ ਨੂੰ ਹਲਾਕ ਕਰ ਦਿੱਤਾ। ਅਤਿਵਾਦੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਜਥੇਬੰਦੀ ਨਾਲ ਸਬੰਧਤ ਸਨ। ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ।
ਇਸੇ ਦੌਰਾਨ ਫੌਜ ਨੇ ਅੱਜ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ (ਐੱਲਓਸੀ) ’ਤੇ ਸਰਹੱਦ ਪਾਰੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ ਬਣਾ ਦਿੱਤੀ ਜਿਸ ਦੌਰਾਨ ਮੁਕਾਬਲੇ ’ਚ ਇੱਕ ਜਵਾਨ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਨੌਸ਼ਹਿਰਾ ਸੈਕਟਰ ਦੇ ਕਲਾਲਾ ਇਲਾਕੇ ’ਚ ਫੌਜ ਦੇ ਜਵਾਨਾਂ ਵੱਲੋਂ ਕੰਟਰੋਲ ਰੇਖਾ ਨੇੜੇ ਇਸ ਪਾਸੇ ਘੁਸਪੈਠ ਦੀ ਕੋਸ਼ਿਸ਼ ਕਰ ਦਹਿਸ਼ਤਗਰਦਾਂ ਦੇ ਗਰੁੱਪ ਨੂੰ ਰੋਕਣ ਦੌਰਾਨ ਹੋਇਆ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਦਹਿਸ਼ਤਗਰਦ ਨੇੜਲੇ ਜੰਗਲੀ ਇਲਾਕੇ ਵੱਲ ਭੱਜ ਗਏ, ਜਿਨ੍ਹਾਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। -ਪੀਟੀਆਈ