Jammu Kashmir: ਕਠੂਆ ’ਚ ਸੁਰੱਖਿਆ ਬਲਾਂ ਦੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਇੱਕ ਨਰਸਰੀ ਨੇੜੇ ਵਿੱਚ ਅੱਜ ਦੇਰ ਸ਼ਾਮ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਸ਼ੱਕੀ ਦਹਿਸ਼ਤਗਰਦਾਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਜੰਮੂ ਕਸ਼ਮੀਰ ਪੁਲੀਸ ਦੇ Special Operations Group ਨੇ ਹੀਰਾਨਗਰ ਸੈਕਟਰ ਵਿੱਚ ਕੌਮਾਂਤਰੀ ਸਰਹੱਦ ਨੇੜੇ ਸਾਨਿਆਲ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਹੋਈ ਸੀ। ਇਸ ਦੌਰਾਨ ਲੁਕੇ ਹੋਏ ਦਹਿਸ਼ਤਗਰਦਾਂ ਨੇ ਪੁਲਸੀ ਟੀਮ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ਵੱਲੋਂ ਜਵਾਬੀ ਕਾਰਵਾਈ ਕਰਨ ’ਤੇ ਮੁਕਾਬਲਾ ਸ਼ੁਰੂ ਹੋ ਗਿਆ।
ਅਧਿਕਾਰੀਆਂ ਨੇ ਕਿਹਾ ਕਿ ਘਟਨਾ ਵਾਲੀ ਥਾਂ ’ਤੇ ਹੋਰ ਸੁਰੱਖਿਆ ਮੁਲਾਜ਼ਮਾਂ ਨੂੰ ਭੇਜਿਆ ਗਿਆ ਹੈ ਅਤੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਡੀਜੀਪੀ ਨਲਿਨ ਪ੍ਰਭਾਤ ਇਸ ਅਪਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਲਗਪਗ ਅੱਧੇ ਘੰਟੇ ਤੱਕ ਚੱਲੀ ਗੋਲੀਬਾਰੀ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਪੁਲੀਸ ਦੀ ਮਦਦ ਲਈ ਫੌਜ ਤੇ ਨੀਮ ਫੌਜੀ ਬਲਾਂ ਦੇ ਜਵਾਨਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ ਤੇ ਨਰਸਰੀ ਦੀ ਘੇਰਾਬੰਦੀ ਕੀਤੀ ਗਈ ਹੈ। ਪਿੰਡ ਦੀਆਂ ਕੁਝ ਔਰਤਾਂ ਜੋ ਜੰਗਲਾਂ ’ਚ ਲੱਕੜੀਆਂ ਇਕੱਠੀਆਂ ਕਰਨ ਗਈਆਂ ਸਨ, ਨੇ ਦਹਿਸ਼ਤਗਰਦਾਂ ਨੂੰ ਦੇਖਿਆ ਸੀ। ਉਨ੍ਹਾਂ ਨੇ ਕਿਹਾ ਕਿ ਦਹਿਸ਼ਤਗਰਦਾਂ ਦੀ ਗਿਣਤੀ ਪੰਜ ਹੋ ਸਕਦੀ ਹੈ। ਅਧਿਕਾਰੀਆਂ ਅਨੁਸਾਰ ਇਹ ਮੰਨਿਆ ਜਾ ਰਿਹਾ ਹੈ ਕਿ ਦਹਿਸ਼ਤਗਰਦਾਂ ਲੰਘੀ ਰਾਤ ਸਰਹੱਦ ਪਾਰੋਂ ਘੁਸਪੈਠ ਕੀਤੀ ਸੀ ਅਤੇ ਇਸ ਖੇਤਰ ਵਿੱਚ ਲੁਕੇ ਹੋਏ ਸਨ। -ਪੀਟੀਆਈ