ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿ ਰਵਾਨਾ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 6 ਅਕਤੂਬਰ
ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਚੂਨਾ ਮੰਡੀ ਲਾਹੌਰ ਵਿਖੇ ਮਨਾਉਣ ਅਤੇ ਹੋਰਨਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ 31 ਮੈਂਬਰੀ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਉਪਰੰਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਸੁਪਰਡੈਂਟ ਨਿਸ਼ਾਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਇਹ ਜਥਾ ਪਾਕਿਸਤਾਨ ਰਵਾਨਾ ਹੋਇਆ।
ਉਨ੍ਹਾਂ ਦੱਸਿਆ ਕਿ ਇਹ ਜਥਾ ਅੱਜ ਸ਼ਾਮ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਕਰਨਾਮੇ (ਬਟਾਲਾ) ਵਿਖੇ ਵਿਸ਼ਰਾਮ ਕਰੇਗਾ ਅਤੇ ਭਲਕੇ 7 ਅਕਤੂਬਰ ਨੂੰ ਵਾਹਗਾ ਬਾਰਡਰ ਰਾਹੀਂ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਹੁੰਚੇਗਾ। ਪਾਕਿਸਤਾਨ ਜਾਣ ਵਾਲੇ ਜਥੇ ਵਿੱਚ ਸ਼ਾਮਲ ਹਰਬੰਸ ਸਿੰਘ ਬਾਗੜੀ ਨੇ ਦੱਸਿਆ ਕਿ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ 7 ਅਕਤੂਬਰ ਨੂੰ ਅਖੰਡ ਪਾਠ ਆਰੰਭ ਹੋਣਗੇ। 7 ਅਤੇ 8 ਅਕਤੂਬਰ ਨੂੰ ਰਾਤ ਸਮੇਂ ਕੀਰਤਨ ਦਰਬਾਰ ਸਜਾਏ ਜਾਣਗੇ। ਇਹ ਜਥਾ 10 ਅਕਤੂਬਰ ਨੂੰ ਐਮਨਾਬਾਦ ਹੁੰਦਾ ਹੋਇਆ ਕਰਤਾਰਪੁਰ ਸਾਹਿਬ ਪੁੱਜੇਗਾ ਅਤੇ 11 ਅਕਤੂਬਰ ਨੂੰ ਸਿਆਲਕੋਟ ਸਥਿਤ ਗੁਰਦੁਆਰਾ ਬਾਬੇ ਦੀ ਬੇਰੀ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਵਾਪਸ ਕਰਤਾਰਪੁਰ ਸਾਹਿਬ ਆਵੇਗਾ ਅਤੇ ਅਗਲੇ ਦਿਨ ਕਰਤਾਰਪੁਰ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ। 14 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ ਦੇ ਦਰਸ਼ਨ ਕੀਤੇ ਜਾਣਗੇ। 15 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ, 17 ਅਕਤੂਬਰ ਨੂੰ ਵਾਪਸ ਲਾਹੌਰ ਗੁਰਦੁਆਰਾ ਡੇਰਾ ਸਾਹਿਬ ਪੁੱਜੇਗਾ। ਉਨ੍ਹਾਂ ਦੱਸਿਆ ਕਿ 18 ਅਕਤੂਬਰ ਨੂੰ ਇਹ ਜਥਾ ਵਾਹਗਾ ਬਾਰਡਰ ਰਾਹੀਂ ਪੰਜਾਬ ਪਰਤੇਗਾ।