ਰੱਖੜਾ ਦੇ ਘਰ ਅੱਗੇ ਪ੍ਰਦਰਸ਼ਨ ਦੀਆਂ ਤਿਆਰੀਆਂ ਵਜੋਂ ਜਥਾ ਮਾਰਚ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 25 ਜੁਲਾਈ
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਖੇਤੀ ਖੇਤਰ ਵਿੱਚ ਲਾਗੂ ਕੀਤੇ ਗਏ ਤਿੰਨ ਨਵੇਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅਕਾਲੀ ਭਾਜਪਾ ਗਠਜੋੜ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਸਾਹਮਣੇ 27 ਜੁਲਾਈ ਨੂੰ ਦਿੱਤੇ ਜਾਣ ਵਾਲੇ ਧਰਨਿਆਂ ਤੇ ਟਰੈਕਟਰ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਵਜੋਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਇਲਾਕੇ ਦੇ ਦੋ ਦਰਜਨ ਦੇ ਕਰੀਬ ਪਿੰਡਾਂ ਵਿੱਚ ਜਥਾ ਮਾਰਚ ਕੀਤਾ ਗਿਆ। ਕਿਸਾਨ ਆਗੂਆਂ ਨੇ ਪਾਤੜਾਂ, ਚੁਨਾਗਰਾ, ਹਰਿਆਊ ਖੁਰਦ, ਹਰਿਆਊ ਕਲਾਂ, ਖਾਨੇਵਾਲ, ਸੇਲਵਾਲਾ, ਮੌਲ਼ਵੀਵਾਲਾ, ਗੋਬਿੰਦਪੁਰਾ ਪੈਂਦ, ਸ਼ੁਤਰਾਣਾ, ਮੋਮੀਆਂ, ਬਕਰਾਹਾ , ਸਧਾਰਨਪੁਰ, ਜੈਖਰ, ਬਾਦਸ਼ਾਹਪੁਰ, ਕਲਵਾਨੂੰ, ਘੱਗਾ, ਧੂਹੜ ਅਤੇ ਦਫ਼ਤਰੀਵਾਲਾ ਨੇ ਪੈਂਫਲੇਟ ਵੰਡ ਕੇ ਕਈ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ।
ਜਥਾ ਮਾਰਚ ਦੌਰਾਨ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਕੁਲਵੰਤ ਸਿੰਘ ਮੌਲਵੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਭਜਨ ਸਿੰਘ ਧੂਹੜ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਪੂਰਨ ਚੰਦ ਨਨਹੇੜਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਾਗੂ ਕੀਤੇ ਗਏ ਖੁੱਲ੍ਹੀ ਮੰਡੀ, ਜਮ੍ਹਾਂਖੋਰੀ ਅਤੇ ਠੇਕਾ ਨੀਤੀ ਸਬੰਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ 13 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਿੱਚ ਸ਼ਾਮਲ ਅਕਾਲੀ ਭਾਜਪਾ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲੋਕ ਸਭਾ ਹਲਕਾ ਪਟਿਆਲਾ ਦੇ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਘਰ ਸਾਹਮਣੇ ਟਰੈਕਟਰਾਂ ਉੱਤੇ ਪਹੁੰਚ ਕੇ ਕਿਸਾਨ ਵਿਸ਼ਾਲ ਰੋਸ ਮੁਜ਼ਾਹਰਾ ਕਰਨਗੇ। ਆਗੂਆਂ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਆਰਡੀਨੈਂਸ ਕਿਸਾਨ ਮਾਰੂ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਕਤ ਆਰਡੀਨੈਂਸ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਖੇਤ ਮਜਦੂਰ ਯੂਨੀਅਨ ਦੇ ਆਗੂ ਕਾਮਰੇਡ ਰਾਮਚੰਦ ਚੁਨਾਗਰਾ, ਜਮਹੂਰੀ ਕਿਸਾਨ ਸਭਾ ਦੇ ਪ੍ਰਲਾਦ ਸਿੰਘ ਨਿਆਲ, ਜਗਜੀਤ ਸਿੰਘ ਦੁਗਾਲ, ਸਾਹਿਬ ਸਿੰਘ ਦੁਤਾਲ, ਸੁਖਦੇਵ ਸਿੰਘ ਹਰਿਆਊ, ਅਮਰਜੀਤ ਸਿੰਘ ਨਿਆਲ ਆਦਿ ਹਾਜ਼ਰ ਸਨ।