ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੜ ਸੇਵਾ ਸੰਭਾਲੀ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਮੁੜ ਸੇਵਾ ਸੰਭਾਲ ਲਈ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਹੋਏ ਵਿਵਾਦ ਸਬੰਧੀ ਮਾਮਲੇ ਵਿੱਚ ਸਰਕਾਰ ਕੋਲ ਕੋਈ ਸ਼ਿਕਾਇਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਪੰਥ ਵੱਲੋਂ ਕੀਤੇ ਗਏ ਆਦੇਸ਼ ਤੋਂ ਬਾਅਦ ਉਨ੍ਹਾਂ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਉਹ ਅੱਜ ਇਥੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਲਈ ਪੁੱਜੇ ਸਨ। ਚੇਤੇ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨੀਂ ਕਿਹਾ ਸੀ ਕਿ ਜੇ ਸਰਕਾਰ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਰਿਕਾਰਡਿੰਗ ਮਿਲਦੀ ਹੈ ਤਾਂ ਸਰਕਾਰ ਇਸ ਮਾਮਲੇ ਵਿੱਚ ਅਕਾਲੀ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵਿਵਾਦ ਸਬੰਧੀ ਉਨ੍ਹਾਂ ਕਿਹਾ ਕਿ ਇਹ ਵਿਵਾਦ ਦੋ ਵਿਅਕਤੀਆਂ ਵਿਚਾਲੇ ਵਿਵਾਦ ਨਹੀਂ ਹੈ ਸਗੋਂ ਸਿੱਖ ਸਿਧਾਂਤਾਂ ਤੇ ਪਰੰਪਰਾਵਾਂ ਅਤੇ ਸਿੱਖ ਭਾਵਨਾਵਾਂ ਦੀ ਤਰਜਮਾਨੀ ਦੀ ਪਹਿਰੇਦਾਰੀ ਦਾ ਹੈ, ਜਿਸ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸਿੱਖ ਪੰਥ ਵੱਲੋਂ ਸੌਂਪੀ ਗਈ ਹੈ। ਹਾਲਾਂਕਿ ਜੋ ਕੁਝ ਵਾਪਰਿਆ ਉਹ ਮੰਦਭਾਗਾ ਹੈ।