ਪੰਥਕ ਸੋਚ ਦਾ ਪਹਿਰੇਦਾਰ ਜਥੇਦਾਰ ਗੁਰਚਰਨ ਸਿੰਘ ਟੌਹੜਾ
ਉਜਾਗਰ ਸਿੰਘ
ਸਿੱਖ ਜਗਤ ਅਤੇ ਸ਼੍ਰੋਮਣੀ ਅਕਾਲੀ ਦਲ ਗਹਿਰੇ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਤਾਂ ਜਥੇਦਾਰ ਗੁਰਚਰਨ ਸਿੰੰਘ ਟੌਹੜਾ ਦੀ ਯਾਦ ਆ ਰਹੀ ਹੈ। ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਵਿਰਾਸਤ ਦਾ ਲਾਹਾ ਲੈਣ ਲਈ ਉਨ੍ਹਾਂ ਦਾ 100ਵਾਂ ਜਨਮ ਦਿਵਸ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਸੁਧਾਰ ਲਹਿਰ ਦੇ ਨੇਤਾ ਪੱਬਾਂ ਭਾਰ ਹੋਏ ਪਏ ਹਨ। ਸਿੱਖ ਜਗਤ ਦੀ ਤ੍ਰਾਸਦੀ ਹੈ ਕਿ ਬਹੁਤੇ ਸਿਆਸੀ ਤੇ ਧਾਰਮਿਕ ਰਹਿਬਰਾਂ ਨੇ ਸਿਆਸਤ ਨੂੰ ਵਿਓਪਾਰ ਵਾਂਗ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਹ ਗੁਰਮਤਿ ਦੇ ਧਾਰਨੀ ਪੰਥ ਹਿਤੈਸ਼ੀ ਗੁਰਮੁਖਾਂ ਅਤੇ ਪਾਰਟੀ ਦੇ ਵਫ਼ਾਦਾਰਾਂ ਨੂੰ ਅਣਡਿੱਠ ਕਰਨ ਲੱਗੇ ਹਨ ਜਿਸ ਕਰਕੇ ਪੰਥਕ ਸੋਚ ਨੂੰ ਤਿਲਾਂਜਲੀ ਦੇ ਦਿੱਤੀ ਜਾਪਦੀ ਹੈ। ਇਸ ਦੇ ਬਾਵਜੂਦ ਭ੍ਰਿਸ਼ਟ ਧਾਰਮਿਕ ਤੇ ਸਿਆਸੀ ਨੇਤਾਵਾਂ ਵਿੱਚ ਵੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗੇ ਇਨਸਾਨ ਸਿੱਖ ਧਰਮ ਦੀ ਵਿਚਾਰਧਾਰਾ ’ਤੇ ਪਹਿਰਾ ਦਿੰਦਿਆਂ ਨੈਤਿਕਤਾ ਨਾਲ ਵਿਚਰਦੇ ਰਹੇ। ਉਹ ਭ੍ਰਿਸ਼ਟਾਚਾਰ ਦੇ ਦਾਵਾਨਲ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਆਪਣੇ ਸਿਆਸੀ ਤੇ ਧਾਰਮਿਕ ਜੀਵਨ ਵਿੱਚ ਵਿਚਰਦਿਆਂ ਆਪਣੀ ਚਿੱਟੀ ਚਾਦਰ ਨੂੰ ਦਾਗ ਨਹੀਂ ਲੱਗਣ ਦਿੱਤਾ। ਉਹ ਧਾਰਮਿਕ ਸਿਧਾਂਤਾਂ ’ਤੇ ਚਲਦਿਆਂ ਸਿਆਸਤ ਵਿੱਚ ਕੁਨਬਾਪਰਵਰੀ ਤੋਂ ਦੂਰ ਰਹੇ। ਆਪਣੇ ਜੀਵਨ ਕਾਲ ਵਿੱਚ ਉਨ੍ਹਾਂ ਨੇ ਸਿੱਖ ਸਿਆਸਤਦਾਨਾਂ ਨੂੰ ਪੰਥਕ ਸਿਆਸਤ ਤੋਂ ਕਿਨਾਰਾ ਕਰਨ ਨਹੀਂ ਦਿੱਤਾ। ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬੇਬਾਕੀ ਬਾਰੇ ਜੱਗ ਜਾਣਦਾ ਹੈ। ਉਹ ਸਿੱਖਾਂ ਦੇ ਹੱਕ ਤੇ ਸੱਚ ਦੇ ਮੁਦੱਈ ਬਣ ਕੇ ਖੜ੍ਹਦੇ ਰਹੇ।
ਸਿੱਖ ਧਰਮ ਦੀ ਵਿਚਾਰਧਾਰਾ, ਦਰਸ਼ਨ, ਪਰੰਪਰਾਵਾਂ ਅਤੇ ਦਾਰਸ਼ਨਿਕਤਾ ਮਾਨਵਤਾ ਅਰਥਾਤ ਸਰਬੱਤ ਦੇ ਭਲੇ ਦੇ ਅਸੂਲਾਂ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਸਿੱਖੀ ਦੇ ਪ੍ਰਚਾਰ ਅਤੇ ਪਸਾਰ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿਰ ਹੈ। ਹੁਣ ਤੱਕ ਸਭ ਤੋਂ ਲੰਮਾ ਸਮਾਂ ਇਸ ਧਾਰਮਿਕ ਸੰਸਥਾ ਦੀ ਪ੍ਰਧਾਨਗੀ ਕਰਨ ਦਾ ਮਾਣ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਮਿਲਿਆ। ਉਹ ਸਿਆਸਤਦਾਨ ਨਾਲੋਂ ਧਾਰਮਿਕ ਵਿਅਕਤੀ ਜ਼ਿਆਦਾ ਸਨ। ਜਥੇਦਾਰ ਟੌਹੜਾ ਅਧਿਆਤਮਵਾਦ ਅਤੇ ਸਿਆਸਤ ਦਾ ਸੁਮੇਲ ਸਨ। ਇਸ ਵਿੱਚ ਵੀ ਕੋਈ ਅਤਿਕਥਨੀ ਨਹੀਂ ਕਿ ਉਹ ਸਿੱਖੀ ਨੂੰ ਪ੍ਰਣਾਏ ਹੋਏ ਇਨਸਾਨ ਸਨ ਜਿਨ੍ਹਾਂ ਨੇ ਆਪਣੀ ਸਾਰੀ ਉਮਰ ਇਮਾਨਦਾਰੀ, ਸਾਦਗੀ ਅਤੇ ਦਿਆਨਤਦਾਰੀ ਨਾਲ ਸਿੱਖ ਪਰੰਪਰਾਵਾਂ ’ਤੇ ਪਹਿਰਾ ਦਿੱਤਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜ ਕੇ ਰੱਖਣ ਵਿੱਚ ਸਫਲਤਾ ਵੀ ਪ੍ਰਾਪਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੁੰਦਿਆਂ ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਕਾਰ ਨਹੀਂ ਵਰਤੀ ਸਗੋਂ ਆਪਣੇ ਭਰੋਸੇਯੋਗ ਸਹਿਯੋਗੀਆਂ ਦੀ ਕਾਰ ਦੀ ਹੀ ਵਰਤੋਂ ਕਰਦੇ ਰਹੇ। ਉਨ੍ਹਾਂ ਨੂੰ ਸਿੱਖ ਤੇ ਪੰਥਕ ਸਿਆਸਤ ਵਿੱਚ ਇਮਾਨਦਾਰੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ।
ਸੰਸਾਰ ਵਿੱਚ ਬਹੁਤ ਸਾਰੇ ਸਿੱਖ ਸਿਆਸਤਦਾਨ ਹਨ ਜਿਨ੍ਹਾਂ ਵਿੱਚੋਂ ਕੁਝ ਇੱਕ ਨੂੰ ਘਾਗ ਸਿਆਸਤਦਾਨ ਵੀ ਕਿਹਾ ਜਾਂਦਾ ਹੈ। ਵੇਖਣ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਸਟੇਟਸਮੈਨ ਕਿੰਨੇ ਕੁ ਹਨ। ਹੋਰ ਵੀ ਕੁਝ ਸਟੇਟਸਮੈਨ ਹੋਣਗੇ, ਪਰ ਮੈਂ ਸਿੱਖ ਸਿਆਸਤਦਾਨਾਂ ਵਿੱਚੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਬਿਹਤਰੀਨ ਸਟੇਟਸਮੈਨ ਸਮਝਦਾ ਹਾਂ। ਸਟੇਟਸਮੈਨ ਆਪਣੀ ਕਾਰਗੁਜ਼ਾਰੀ ਨਾਲ ਬਣਦਾ ਹੈ ਜੋ ਸਮਾਜ ਵਿੱਚ ਵਿਚਰਦਿਆਂ ਕਦੇ ਵੀ ਜਾਤਪਾਤ, ਧਰਮ ਅਤੇ ਸਿਆਸੀ ਪਾਰਟੀ ਨੂੰ ਤਰਜੀਹ ਨਹੀਂ ਦਿੰਦਾ। ਉਹ ਸਾਰਿਆਂ ਨੂੰ ਬਰਾਬਰ ਸਤਿਕਾਰ ਦਿੰਦਾ ਹੈ। ਹਰ ਇੱਕ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੁੰਦਾ ਹੈ। ਇੱਥੇ ਮੈਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਬਾਰੇ ਦੋ ਘਟਨਾਵਾਂ ਦੱਸਦਾ ਹਾਂ ਜਿਨ੍ਹਾਂ ਦਾ ਮੈਂ ਚਸ਼ਮਦੀਦ ਗਵਾਹ ਹਾਂ। ਇੱਕ ਵਾਰ ਅਕਾਲੀ ਦਲ ਦੀ ਸਰਕਾਰ ਸਮੇਂ ਮੈਂ ਇੱਕ ਸਿਆਸਤਦਾਨ ਕੋਲ ਕਿਸੇ ਦੋਸਤ ਦੇ ਕੰਮ ਲਈ ਗਿਆ। ਉਸ ਸਿਆਸਤਦਾਨ ਨੇ ਕਿਹਾ, ‘‘ਭਾਵੇਂ ਤੁਹਾਡਾ ਕੰਮ ਜਾਇਜ਼ ਹੈ, ਪਰ ਇਹ ਕੰਮ ਮੁੱਖ ਮੰਤਰੀ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਹੋ ਸਕਦਾ। ਇਸ ਲਈ ਤੁਸੀਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਮਿਲ ਲਵੋ, ਉਹ ਹੀ ਮੁੱਖ ਮੰਤਰੀ ਤੋਂ ਕਰਵਾ ਸਕਦੇ ਹਨ।’’ ਮੈਂ ਅਗਲੇ ਦਿਨ ਸੁਵਖਤੇ ਹੀ ਉਸ ਦੋਸਤ ਨੂੰ ਨਾਲ ਲੈ ਕੇ ਟੌਹੜਾ ਪਿੰਡ ਪਹੁੰਚ ਗਿਆ। ਟੌਹੜਾ ਸਾਹਿਬ ਨੂੰ ਮਿਲਣ ਵਾਲਿਆਂ ਦੀ ਲੰਮੀ ਲਾਈਨ ਲੱਗੀ ਹੋਈ ਸੀ। ਮੇਰੀ ਵਾਰੀ ਆਈ ਤਾਂ ਦਰਵਾਜ਼ੇ ’ਤੇ ਖੜ੍ਹੇ ਵਿਅਕਤੀ ਨੇ ਮੈਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਕਿਉਂਕਿ ਮੈਨੂੰ ਕਾਂਗਰਸੀ ਆਗੂ ਬੇਅੰਤ ਸਿੰਘ ਦਾ ਬੰਦਾ ਸਮਝਿਆ ਜਾਂਦਾ ਸੀ। ਜਦੋਂ ਉਹ ਵਿਅਕਤੀ ਥੋੜ੍ਹਾ ਏਧਰ ਓਧਰ ਹੋਇਆ ਤਾਂ ਮੈਂ ਮੌਕਾ ਤਾੜ ਕੇ ਕਮਰੇ ਵਿੱਚ ਦਾਖ਼ਲ ਹੋ ਗਿਆ। ਟੌਹੜਾ ਸਾਹਿਬ ਉੱਠ ਕੇ ਖੜ੍ਹੇ ਹੋ ਗਏ ਤੇ ਮੈਨੂੰ ਘੁੱਟ ਕੇ ਗਲਵੱਕੜੀ ਪਾਈ। ਉਨ੍ਹਾਂ ਮੈਨੂੰ ਆਪਣੇ ਕੋਲ ਬਿਠਾ ਲਿਆ ਤੇ ਉਸ ਵਿਅਕਤੀ ਨੂੰ ਚਾਹ ਲਿਆਉਣ ਲਈ ਕਹਿ ਦਿੱਤਾ, ਜਿਹੜਾ ਮੈਨੂੰ ਅੰਦਰ ਦਾਖ਼ਲ ਹੋਣ ਤੋਂ ਰੋਕ ਰਿਹਾ ਸੀ। ਮੈਂ ਟੌਹੜਾ ਸਾਹਿਬ ਨੂੰ ਬੇਨਤੀ ਕੀਤੀ ਕਿ ਇਹ ਲੜਕਾ ਜਿਹੜਾ ਮੇਰੇ ਨਾਲ ਹੈ, ਇਸ ਦਾ ਕੰਮ ਫਲਾਣੇ ਸਿਆਸਤਦਾਨ ਕੋਲ ਹੈ ਪਰ ਉਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਦੀ ਸਿਫ਼ਾਰਸ਼ ਤੋਂ ਬਿਨਾਂ ਕੰਮ ਨਹੀਂ ਹੋ ਸਕਦਾ। ਟੌਹੜਾ ਸਾਹਿਬ ਮੈਨੂੰ ਕਹਿਣ ਲੱਗੇ, ‘‘ਉਸ ਸਿਆਸਦਾਨ ਨੂੰ ਜਾ ਕੇ ਕਹਿ ਦਿਓ ਕਿ ਇਹ ਕੰਮ ਮੇਰਾ ਹੈ।’’ ਮੈਂ ਸਮਝਿਆ ਕਿ ਉਨ੍ਹਾਂ ਨੇ ਮੈਨੂੰ ਟਰਕਾ ਦਿੱਤਾ ਹੈ। ਮੈਂ ਵਾਪਸ ਉਸ ਸਿਆਸਤਦਾਨ ਕੋਲ ਜਾ ਕੇ ਇਹ ਸੁਨੇਹਾ ਦੇ ਦਿੱਤਾ। ਬਾਅਦ ਵਿੱਚ ਉਹ ਕੰਮ ਹੋ ਗਿਆ। ਅੱਜ ਉਹ ਅਧਿਕਾਰੀ ਜਥੇਦਾਰ ਟੌਹੜਾ ਦਾ ਗੁਣਗਾਨ ਕਰਦਾ ਹੈ।
ਇੱਕ ਵਾਰ ਜਥੇਦਾਰ ਟੌਹੜਾ ਨੇ ਮੈਨੂੰ ਬੁਲਾਇਆ। ਉਹ ਕਿਸੇ ਸਿਆਸਤਦਾਨ ਦੇ ਘਰ ਬੈਠੇ ਸਨ। ਜਦੋਂ ਮੈਂ ਉੱਥੇ ਪਹੁੰਚਿਆ ਤਾਂ ਜਿਸ ਘਰ ਵਿੱਚ ਮੈਂ ਟੌਹੜਾ ਸਾਹਿਬ ਨੂੰ ਮਿਲ ਰਿਹਾ ਸੀ ਤਾਂ ਉਸ ਘਰ ਦਾ ਮਾਲਕ ਕਮਰੇ ਵਿੱਚ ਆ ਗਿਆ। ਉਹ ਆਉਂਦਿਆਂ ਹੀ ਕਹਿਣ ਲੱਗਾ, ‘‘ਇਹ ਬੇਅੰਤ ਸਿੰਘ ਦਾ ਬੰਦਾ ਇੱਥੇ ਕਿਵੇਂ ਬੈਠਾ ਹੈ। ਜਥੇਦਾਰ ਟੌਹੜਾ ਕਹਿਣ ਲੱਗੇ, ‘‘ਇਹ ਮੇਰਾ ਵੀ ਬੰਦਾ ਹੈ। ਇਸ ਨੂੰ ਮੈਂ ਬੁਲਾਇਆ ਹੈ।’’ ਪਰ ਘਰ ਦਾ ਮਾਲਕ ਸਿਆਸਤਦਾਨ ਮੇਰੇ ਵਿਰੁੱਧ ਬੋਲਣ ਤੋਂ ਹੀ ਹਟੇ ਨਾ ਤਾਂ ਜਥੇਦਾਰ ਟੌਹੜਾ ਨੇ ਗੁੱਸੇ ਵਿੱਚ ਆ ਕੇ ਉਸ ਨੂੰ ਕਮਰੇ ਵਿੱਚੋਂ ਬਾਹਰ ਕੱਢ ਦਿੱਤਾ। ਅਜਿਹੇ ਹੁੰਦੇ ਹਨ, ਸਟੇਟਸਮੈਨ ਜਿਹੜੇ ਕੋਈ ਭੇਦ ਭਾਵ ਨਾ ਰੱਖਦੇ ਹੋਣ।
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਧਾਰਮਿਕ ਵਿਚਾਰਧਾਰਾ ਬਾਰੇ ਭਾਵੇਂ ਬਹੁਤ ਸਾਰੇ ਸਿਆਸਤਦਾਨ ਆਪੋ ਆਪਣੇ ਵੱਖਰੇ-ਵੱਖਰੇ ਵਿਚਾਰ ਰੱਖਦੇ ਹਨ, ਪਰ ਜਥੇਦਾਰ ਟੌਹੜਾ ਹਰ ਧਰਮ ਦਾ ਸਤਿਕਾਰ ਕਰਦੇ ਸਨ। ਉਹ ਹਰ ਵਿਅਕਤੀ ਨੂੰ ਆਪੋ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਦੀ ਤਾਕੀਦ ਕਰਦੇ ਸਨ। ਉਨ੍ਹਾਂ ਦੇ ਇਨ੍ਹਾਂ ਵਿਚਾਰਾਂ ਨੂੰ ਹੀ ਕੱਟੜਤਾ ਕਿਹਾ ਜਾਂਦਾ ਸੀ। ਉਹ ਕੱਟੜ ਨਹੀਂ ਸਗੋਂ ਪਰਪੱਕ ਹੋਣ ਲਈ ਕਹਿੰਦੇ ਸਨ। ਸਾਰੇ ਧਰਮਾਂ ਦੇ ਲੋਕ ਉਨ੍ਹਾਂ ਦੀ ਸ਼ਲਾਘਾ ਕਰਦੇ ਸਨ ਅਤੇ ਅੱਜ ਵੀ ਕਰਦੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਵਿੱਚ ਇੰਨਾ ਲੰਮਾ ਸਮਾਂ ਪ੍ਰਧਾਨ ਰਹਿਣ ਦਾ ਉਨ੍ਹਾਂ ਦਾ ਬੇਦਾਗ਼ ਰਿਕਾਰਡ ਹੈ। ਉਹ 1969-1976, 1980-1988 ਅਤੇ 1998-2004 ਵਿੱਚ ਰਾਜ ਸਭਾ ਦੇ ਮੈਂਬਰ ਚੁਣੇ ਗਏ ਅਤੇ 1977 ਤੋਂ 1979 ਤੱਕ ਪਟਿਆਲਾ ਤੋਂ ਲੋਕ ਸਭਾ ਦੇ ਮੈਂਬਰ ਰਹੇ। ਮਾਰਚ 2004 ਵਿੱਚ ਵੀ ਉਹ ਰਾਜ ਸਭਾ ਦੇ ਮੈਂਬਰ ਚੁਣੇ ਗਏ, ਪਰ ਸਹੁੰ ਚੁੱਕਣ ਤੋਂ ਪਹਿਲਾਂ ਹੀ ਸਵਰਗ ਸਿਧਾਰ ਗਏ। ਜਥੇਦਾਰ ਟੌਹੜਾ ਸਮੇਂ ਸਮੇਂ ਕਈ ਧਾਰਮਿਕ, ਸਮਾਜਿਕ ਅਤੇ ਵਿਦਿਅਕ ਸੰਸਥਾਵਾਂ ਦੇ ਪ੍ਰਧਾਨ ਵੀ ਸਨ। ਉਨ੍ਹਾਂ ਵਿੱਚੋਂ ਮੁੱਖ ਤੌਰ ’ਤੇ ਕੇਂਦਰੀ ਸਿੰਘ ਸਭਾ, ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ, ਨਨਕਾਣਾ ਸਾਹਿਬ ਐਜੂਕੇਸ਼ਨ ਸੁਸਾਇਟੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸੱਚਖੰਡ ਬੋਰਡ ਦੇ ਚੇਅਰਮੈਨ ਦੇ ਅਹੁਦੇ ਵਰਣਨਯੋਗ ਹਨ। ਉਨ੍ਹਾਂ ਨੇ ਕਈ ਵਿਦਿਅਕ ਸੰਸਥਾਵਾਂ ਵੀ ਸਥਾਪਤ ਕੀਤੀਆਂ ਜਿਨ੍ਹਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਆਦਿ ਸ਼ੁਮਾਰ ਹਨ। ਜਥੇਦਾਰ ਟੌਹੜਾ ਆਮ ਤੌਰ ’ਤੇ ਕਿਸੇ ਨਾ ਕਿਸੇ ਟਿੱਪਣੀ ਕਰਕੇ ਵਿਵਾਦਾਂ ਵਿੱਚ ਘਿਰੇ ਰਹਿੰਦੇ ਸਨ। ਉਹ ਹਮੇਸ਼ਾ ਵਿਲੱਖਣ ਚਰਚਾ ਹੀ ਛੇੜਦੇ ਸਨ, ਪਰ ਉਨ੍ਹਾਂ ਜਿਹਾ ਸੂਝਵਾਨ ਅਤੇ ਇਮਾਨਦਾਰ ਸਿਆਸਤਦਾਨ ਹੋਣਾ ਮੁਸ਼ਕਿਲ ਹੈ। ਇਸੇ ਕਰਕੇ ਉਨ੍ਹਾਂ ਨੂੰ ਸਿੱਖਾਂ ਦਾ ਰੌਸ਼ਨ ਦਿਮਾਗ ਨੇਤਾ ਕਿਹਾ ਜਾਂਦਾ ਸੀ। ਕੋਈ ਵੀ ਗੱਲ ਉਹ ਅਵੇਸਲੇ ਹੋ ਕੇ ਜਾਂ ਅਚਾਨਕ ਨਹੀਂ ਸਗੋਂ ਜਾਣਬੁੱਝ ਕੇ ਹੀ ਕਰਦੇ ਸਨ। ਉਹ 1 ਅਪਰੈਲ 2004 ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਮਰਨ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਰਤਨ ਦਾ ਖ਼ਿਤਾਬ ਦਿੱਤਾ। ਜਥੇਦਾਰ ਟੌਹੜਾ ਨੇ ਆਪਣੀ ਲਿਆਕਤ, ਦਿਆਨਤਦਾਰੀ ਅਤੇ ਇਮਾਨਦਾਰੀ ਕਰਕੇ ਇੱਕ ਕਥਨੀ ਤੇ ਕਰਨੀ ਦਾ ਲੋਹਾ ਆਪਣੇ ਵਿਰੋਧੀਆਂ ਨੂੰ ਵੀ ਮਨਵਾਇਆ। ਜਥੇਦਾਰ ਟੌਹੜਾ ਹਮੇਸ਼ਾ ਕੰਡਿਆਲੇ ਰਾਹਾਂ ਦੇ ਪਾਂਧੀ ਰਹੇ, ਪਰ ਕਦੇ ਲੜਖੜਾਏ ਨਹੀਂ। ਸਿਰਫ਼ ਆਪਣੀ ਜ਼ਿੰਦਗੀ ਦੇ ਆਖ਼ਰੀ ਦਿਨਾਂ ਵਿੱਚ ਪਰਿਵਾਰਕ ਮਜਬੂਰੀਆਂ ਕਰਕੇ ਉਨ੍ਹਾਂ ਨੂੰ ਥਿੜਕਣਾ ਪਿਆ।
ਉਨ੍ਹਾਂ ਦਾ ਵਿਆਹ ਸਰਦਾਰਨੀ ਜੋਗਿੰਦਰ ਕੌਰ ਨਾਲ ਹੋਇਆ, ਜੋ ਸਿੱਖ ਵਿਚਾਰਧਾਰਾ ਨਾਲ ਪਰੁਚੀ ਹੋਈ ਸੀ। ਉਨ੍ਹਾਂ ਦੀ ਇੱਕ ਗੋਦ ਲਈ ਹੋਈ ਧੀ ਕੁਲਦੀਪ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਹੈ। ਉਨ੍ਹਾਂ ਦਾ ਜਵਾਈ ਹਰਮੇਲ ਸਿੰਘ ਪੰਜਾਬ ਦਾ ਮੰਤਰੀ ਰਿਹਾ ਹੈ। ਹਰਮੇਲ ਸਿੰਘ ਟੌਹੜਾ ਦਾ ਪੁੱਤਰ ਹਰਿੰਦਰਪਾਲ ਸਿੰਘ ਟੌਹੜਾ ਮਾਰਕੀਟ ਕਮੇਟੀ ਪਟਿਆਲਾ ਦਾ ਚੇਅਰਮੈਨ ਰਿਹਾ ਹੈ। ਸਿੱਖ ਇਤਿਹਾਸ ਵਿੱਚ ਜਥੇਦਾਰ ਟੌਹੜਾ ਇਮਾਨਦਾਰੀ ਅਤੇ ਸਾਦਗੀ ਦੇ ਪ੍ਰਤੀਕ ਵਜੋਂ ਜਾਣੇ ਜਾਂਦੇ ਰਹਿਣਗੇ। ਉੱਚੇ ਅਹੁਦਿਆਂ ’ਤੇ ਰਹਿਣ ਦੇ ਬਾਵਜੂਦ ਇਮਾਨਦਾਰੀ ਦਾ ਪੱਲਾ ਨਹੀਂ ਛੱਡਿਆ, ਜਿਹੜੀ ਜਾਇਦਾਦ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਸੀ, ਉਹੀ ਅਖ਼ੀਰ ਤੱਕ ਰਹੀ।
ਸੰਪਰਕ: 94178-13072