ਜਥੇਦਾਰ ਵੱਲੋਂ ਸਿੱਖ ਬੁੱਧੀਜੀਵੀਆਂ ਨਾਲ ਮੀਟਿੰਗ ਭਲਕੇ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਖ਼ਿਲਾਫ਼ ਅਕਾਲ ਤਖ਼ਤ ਵਿਖੇ ਵਿਚਾਰ ਅਧੀਨ ਮਾਮਲੇ ਵਿੱਚ ਤਨਖਾਹ ਨਿਰਧਾਰਿਤ ਕਰਨ ਸਬੰਧੀ ਮਾਮਲੇ ਨੂੰ ਵਿਚਾਰਨ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਬੁੱਧੀਜੀਵੀਆਂ ਦੀ ਮੀਟਿੰਗ 6 ਨਵੰਬਰ ਨੂੰ ਸੱਦੀ ਗਈ ਹੈ।
ਇਸ ਦੀ ਪੁਸ਼ਟੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਕੀਤੀ ਗਈ ਹੈ। ਮੀਟਿੰਗ 6 ਨਵੰਬਰ ਨੂੰ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਸਵੇਰੇ ਲਗਪਗ 11 ਵਜੇ ਹੋਵੇਗੀ। ਇਸ ਵਿੱਚ ਗਿਆਨੀ ਰਘਬੀਰ ਸਿੰਘ ਸਣੇ ਹੋਰ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਵਿਸ਼ੇਸ਼ ਸਿੱਖ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ ।
ਮੀਟਿੰਗ ਵਿੱਚ ਅਕਾਲੀ ਦਲ ਦੇ ਅੰਦਰੂਨੀ ਕਲੇਸ਼ ਸਬੰਧੀ ਚੱਲ ਰਹੇ ਮਾਮਲੇ ਬਾਰੇ ਵੀ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਦਿੱਤਾ ਹੋਇਆ। ਉਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ 17 ਹੋਰ ਸਾਬਕਾ ਮੰਤਰੀਆਂ ਕੋਲੋਂ ਇਸ ਮਾਮਲੇ ਸਬੰਧੀ ਸਪੱਸ਼ਟੀਕਰਨ ਵੀ ਲਏ ਗਏ ਹਨ। ਮੀਟਿੰਗ ਵਿੱਚ ਲਗਪਗ ਡੇਢ ਦਰਜਨ ਸਿੱਖ ਬੁੱਧੀਜੀਵੀ ਸੱਦੇ ਗਏ ਹਨ। ਇਨ੍ਹਾਂ ਵਿੱਚ ਕੁਝ ਸੀਨੀਅਰ ਪੱਤਰਕਾਰ ਵੀ ਸ਼ਾਮਲ ਹਨ। ਸਿੱਖ ਬੁੱਧੀਜੀਵੀਆਂ ਦੀ ਰਾਏ ਲੈਣ ਮਗਰੋਂ ਇਸ ਮਾਮਲੇ ਵਿੱਚ ਸਿੱਖ ਜਥੇਬੰਦੀਆਂ ਨਾਲ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਮਗਰੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਬਾਦਲ ਅਤੇ ਬਾਕੀ ਸਾਬਕਾ ਅਕਾਲੀ ਮੰਤਰੀਆਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।