ਜੇਈ ਤੇ ਲਾਈਨਮੈਨ ਰਿਸ਼ਵਤ ਲੈਂਦੇ ਕਾਬੂ
ਹਤਿੰਦਰ ਮਹਿਤਾ
ਜਲੰਧਰ, 17 ਜਨਵਰੀ
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿੱਚ ਤਾਇਨਾਤ ਜੂਨੀਅਰ ਇੰਜਨੀਅਰ (ਜੇਈ) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸ ਦੀ ਰਿਹਾਇਸ਼ ’ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਵਜੋਂ 5000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਮਗਰੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਉਕਤ ਲਾਈਨਮੈਨ ਅਤੇ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5 ਹਜ਼ਾਰ ਰੁਪਏ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।